ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਸਕੀਮ ਦਾ ਜਾਇਜ਼ਾ, ਬੀ.ਡੀ.ਪੀ.ਓਜ ਨੂੰ ਟੀਚੇ ਪੂਰੇ ਕਰਨ ਦੀ ਹਦਾਇਤ
ਸਾਰੇ ਪਿੰਡਾਂ ‘ਚ ਮਗਨਰੇਗਾ ਮਜ਼ਦੂਰਾਂ ਦੇ ਬਣਦੇ ਦਿਨ ਪੂਰੇ ਕਰਨ ਲਈ ਰੋਜ਼ਗਾਰ ਦੇਣਾ ਯਕੀਨੀ ਬਣਾਇਆ ਜਾਵੇ-ਸਾਕਸ਼ੀ ਸਾਹਨੀ
ਪਟਿਆਲਾ, 15 ਫਰਵਰੀ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਹੈ ਕਿ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਯੋਜਨਾ ਤਹਿਤ ਮਗਨਰੇਗਾ ਮਜ਼ਦੂਰਾਂ ਨੂੰ ਪੂਰੇ ਦਿਨ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ‘ਚ ਮਗਨਰੇਗਾ ਸਕੀਮ ਤਹਿਤ ਕੰਮ ਚਲਾਉਣ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਮਗਨਰੇਗਾ ਸਕੀਮ ਦਾ ਜਾਇਜ਼ਾ ਲੈਣ ਲਈ ਬੀ.ਡੀ.ਪੀ.ਓਜ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਸਾਰੇ ਪਿੰਡਾਂ ਅੰਦਰ ਮਗਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੇ ਬਣਦੇ ਦਿਨਾਂ ਲਈ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਤਪਰ ਹੈ।
ਸਾਕਸ਼ੀ ਸਾਹਨੀ ਨੇ ਸਾਰੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਲਈ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਮਗਨਰੇਗਾ ਸਕੀਮ ਤਹਿਤ ਕੰਮ ਚਲਾਇਆ ਜਾਵੇ ਤੇ 31 ਮਾਰਚ ਤੱਕ ਆਪਣੇ ਟੀਚੇ ਪੂਰੇ ਕੀਤੇ ਜਾਣੇ ਵੀ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਬੀ.ਡੀ.ਪੀ.ਓਜ਼ ਨੂੰ ਪਿੰਡਾਂ ‘ਚ ਖ਼ੁਦ ਜਾਕੇ ਰਿਪੋਰਟ ਭੇਜਣੀ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਅਤੇ ਕਿਹਾ ਕਿ ਉਹ ਰੋਜ਼ਾਨਾ ਇਸ ਰਿਪੋਰਟ ਨੂੰ ਮੋਨੀਟਰ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਤੋਂ ਇਲਾਵਾ ਬੀ.ਡੀ.ਪੀ.ਓਜ਼ ਤੇ ਹੋਰ ਅਧਿਕਾਰੀ ਮੌਜੂਦ ਸਨ।

