ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਬੋਰਡ ਪ੍ਰੀਖਿਆ ਕੇਂਦਰਾਂ ਦੇ ਨੇੜੇ ਧਾਰਾ 144 ਲਗਾਉਣ ਦੇ ਹੁਕਮ
ਪਟਿਆਲਾ, 16 ਫਰਵਰੀ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ 20 ਫਰਵਰੀ ਤੋਂ 20 ਅਪ੍ਰੈਲ 2023 ਤੱਕ ਚੱਲਣ ਵਾਲੀ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਫਰਵਰੀ/ਮਾਰਚ 2023 ਦੀ ਸਾਲਾਨਾ ਪ੍ਰੀਖਿਆ (ਓਪਨ ਸਕੂਲ ਸਮੇਤ) ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੀ.ਆਰ.ਪੀ.ਸੀ. ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਫਰਵਰੀ/ਮਾਰਚ-2023 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਸੰਚਾਲਨ ਸਬੰਧੀ ਪ੍ਰੀਖਿਆਵਾਂ ਮਿਤੀ 20-2-2023 ਤੋਂ ਮਿਤੀ 20-4-2023 ਤੱਕ ਸਵੇਰ ਅਤੇ ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 20 ਅਪ੍ਰੈਲ 2023 ਤੱਕ 144 ਸੀ.ਆਰ.ਪੀ.ਸੀ. ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

