ਜਗਦੀਸ਼ ਟਾਈਟਲਰ ਨੂੰ ਕੌਮੀ ਸੂਚੀ ’ਚ ਸ਼ਾਮਲ ਕਰਕੇ ਕਾਂਗਰਸ ਜ਼ਖਮਾਂ ’ਤੇ ਲੂਣ ਭੂਕ ਰਹੀ : ਪ੍ਰੋ. ਬਡੂੰਗਰ
ਪਟਿਆਲਾ 21 ਫਰਵਰੀ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 1984 ਸਿੱਖ ਕਤਲੇਆਮ ਵਿਚ ਸ਼ਾਮਲ ਜਗਦੀਸ਼ ਟਾਈਟਲਰ ਨੂੰ ਕਾਂਗਰਸ ਦੀ ਕੌਮੀ ਕਾਰਜਕਾਰਨੀ ਵਿਚ ਸ਼ਾਮਲ ਕਰਨ ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਅਜਿਹਾ ਕਰਕੇ ਵਾਰ ਵਾਰ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾ ਰਹੀ ਹੈ, ਜੋ ਦਿੱਲੀ ਦੰਗਿਆਂ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਕ ਪਾਸੇ ਤਾਂ ਕਾਂਗਰਸ ਭਾਰਤ ਜੋੋੜੋ ਯਾਤਰਾ ਕੱਢਕੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਦੀਆਂ ਗੱਲਾਂ ਕਰ ਰਹੀ ਹੈ ਦੂਜੇ ਪਾਸੇ ਜਗਦੀਸ਼ ਟਾਈਟਲਰ ਵਰਗਿਆਂ ਨੂੰ ਕੌਮੀ ਸੂਚੀ ਵਿਚ ਸ਼ਾਮਲ ਕਰਕੇ ਸਿੱਖਾਂ ਦੇ ਜਖ਼ਮਾਂ ’ਤੇ ਲੂਣ ਭੂਕਣ ਦਾ ਕੰਮ ਕਰਦੀ ਵਿਖਾਈ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਪੀੜਤ ਪਰਿਵਾਰ ਅਤੇ ਸਿੱਖ ਕੌਮ ਜਗਦੀਸ਼ ਟਾਈਟਲਰ ਨੂੰ ਮੁੱਖ ਦੋਸ਼ੀ ਮੰਨਦੀ ਹੈ ਅਤੇ ਦੇਸ਼ ਦੇ ਕਾਨੂੰਨ ਤੋਂ ਇਨਸਾਫ ਲਈ ਆਸਵੰਦ ਹੈ, ਪ੍ਰੰਤੂ ਕਾਂਗਰਸ ਸਾਰਾ ਕੁਝ ਜਾਣਦੀ ਹੋਈ ਵੀ ਵਾਰ ਵਾਰ ਜਗਦੀਸ਼ ਟਾਈਟਲਰ ਨੂੰ ਅਹਿਮ ਅਹੁਦਿਆਂ ’ਤੇ ਨਿਵਾਜਦੀ ਹੈ ਅਤੇ ਪੀੜਤ ਸਿੱਖ ਪਰਿਵਾਰਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ’ਤੇ ਲੱਗੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਕਾਂਗਰਸ ਸਿੱਖਾਂ ਨਾਲੋਂ ਦਿਲੋਂ ਹਮਦਰਦੀ ਨਹੀਂ ਕਰਦੀ ਇਸ ਕਰਕੇ ਅਜਿਹਾ ਵਾਰ ਵਾਰ ਕੀਤਾ ਜਾ ਰਿਹਾ ਹੈ ਕਿ ਜਗਦੀਸ਼ ਟਾਈਟਲਰ ਨੂੰ ਕਾਂਗਰਸ ਦੀ ਮੁੱਖ ਭੂਮਿਕਾ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਅਦਾਲਤਾਂ ਵਿਚ ਪੀੜਤ ਸਿੱਖ ਪਰਿਵਾਰ ਅੱਜ ਵੀ ਆਪਣੇ ਕੇਸਾਂ ਦੀ ਪੈਰਵਾਈ ਕਰਦੇ ਹੋਏ ਇਨਸਾਫ ਦੀ ਆਸ ਵਿਚ ਕਾਨੂੰਨੀ ਲੜਾਈ ਲੜ ਰਹੇ ਹਨ, ਪ੍ਰੰਤੂ ਕਾਂਗਰਸ ਸਿੱਖਾਂ ਨਾਲ ਅਜਿਹਾ ਕੋਝਾ ਮਜ਼ਾਕ ਕਰਕੇ ਸਪੱਸ਼ਟ ਕਰ ਰਹੀ ਹੈ ਕਿ ਉਸ ਦੀ ਸਿੱਖਾਂ ਪ੍ਰਤੀ ਕਿੰਨੀ ਕੁ ਹਮਦਰਦੀ ਹੈ।

