ਖ਼ਾਲਸਾ ਕਾਲਜ ਪਟਿਆਲਾ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੇ ਮੁਕਾਬਲੇ ਲਿਆ ਹਿੱਸਾ
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਬਾਇਓਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਵਿਗਿਆਨ ਦਿਵਸ ਦੇ ਮੌਕੇ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਗਏ ਦੋ ਦਿਨਾਂ ਰਾਸ਼ਟਰੀ ਪੱਧਰ ਵਿਗਿਆਨਿਕ ਮੇਲੇ ਵਿੱਚ ਭਾਗ ਲਿਆ। ਇਸ ਰਾਸ਼ਟਰੀ ਸੰਮੇਲਨ ਵਿਚ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਜਿਵੇਂ ਕਿ ਵਰਕਸ਼ਾਪਾਂ, ਭਾਸ਼ਣ, ਪੋਸਟਰ ਮੁਕਾਬਲੇ, ਸਲੋਗਨ ਰਾਈਟਿੰਗ, ਮਾਡਲ ਮੇਕਿੰਗ ਅਤੇ ਬਹਿਸ ਆਦਿ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਦੌਰਾਨ, ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਗਿਆਨ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਦੂਜੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਪਣੇ ਸਾਥੀਆਂ ਨਾਲ ਸੰਪਰਕ ਕਰਨ ਦਾ ਮੌਕਾ ਵੀ ਮਿਲਿਆ।
ਇਸ ਦੌਰਾਨ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਐਸ.ਸੀ. ਆਨਰਜ਼ ਬਾਇਓਟੈਕਨਾਲੋਜੀ ਦੀਆਂ ਚਾਰ ਵਿਦਿਆਰਥਣਾਂ ਸੁਸ਼ਮਜੋਤ ਕੌਰ, ਮੰਨਤ ਧਾਲੀਵਾਲ, ਹਰਮੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਭਾਗ ਲਿਆ। ਜਿਸ ਵਿੱਚ ਹਰਮੀਤ ਕੌਰ, ਬੀ.ਐਸ.ਸੀ. ਆਨਰਜ਼ ਭਾਗ ਤੀਜਾ ਬਾਇਓਟੈਕਨਾਲੋਜੀ ਨੇ ਪੋਸਟਰ ਮੁਕਾਬਲੇ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਪਿ੍ਰੰਸੀਪਲ ਡਾ: ਧਰਮਿੰਦਰ ਸਿੰਘ ਉੱਭਾ ਨੇ ਵਿਭਾਗ ਦੇ ਇਸ ਉਪਰਾਲੇ ਦੀ ਸਲਾਘਾ ਕਰਦਿਆ ਕਿਹਾ ਕਿ ਅਜਿਹੇ ਰਾਸ਼ਟਰੀ ਪੱਧਰ ਦੇ ਸਮਾਗਮ ਜਿੱਥੇ ਵਿਦਿਆਰਥੀ ਅੰਦਰ ਆਪਣੀ ਪ੍ਰਤਿਭਾ ਨੂੰ ਨਿਖਾਰਦੇ ਹਨ ਉੱਥੇ ਅੱਗੇ ਵਧਣ ਦਾ ਉਤਸ਼ਾਹ ਵੀ ਮਿਲਦਾ ਹੈ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਸਫ਼ਲਤਾ ਦੇ ਰਾਹ ’ਤੇ ਚੱਲਦੇ ਰਹਿਣ ਲਈ ਪ੍ਰੇਰਿਤ ਵੀ ਕੀਤਾ। ਵਿਭਾਗ ਦੇ ਮੁਖੀ ਡਾ: ਨਿਪੁਨਜੋਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਸ਼ਲਾਘਾ ਕੀਤੀ।

