ਪਟਿਆਲਾ

ਬਾਲ ਭਿੱਖਿਆ ਰੋਕਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਛਾਪੇਮਾਰੀ

ਟੀਮ ਨੇ ਪੰਜ ਬੱਚਿਆਂ ਨੂੰ ਕੀਤਾ ਰੈਸਕਿਊ

ਪਟਿਆਲਾ, 10 ਮਾਰਚ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ‘ਚ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵੱਲੋਂ ਪੁਲਿਸ ਪ੍ਰਸ਼ਾਸਨ ਨਾਲ ਮਿਲ ਕੇ ਪਟਿਆਲਾ ਸ਼ਹਿਰ ਦੇ ਵੱਖ ਵੱਖ ਜਨਤਕ ਸਥਾਨਾਂ ‘ਤੇ ਛਾਪੇਮਾਰੀ ਕਰਕੇ ਭੀਖ ਮੰਗਦੇ ਪੰਜ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ। ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਟੀਮ ਵੱਲੋਂ ਅਰਬਨ ਅਸਟੇਟ, ਗੁਰਦੁਆਰਾ ਸ੍ਰੀ ਦੁਖਨਿਵਾਰਣ ਸਾਹਿਬ, ਬੱਸ ਸਟੈਂਡ, ਸ੍ਰੀ ਕਾਲੀ ਦੇਵੀ ਮੰਦਰ ਅਤੇ ਫੁਹਾਰਾ ਚੌਂਕ ਵਿਖੇ ਬਾਲ ਭਿੱਖਿਆ ਨੂੰ ਰੋਕਣ ਲਈ ਛਾਪੇਮਾਰੀ ਕੀਤੀ ਗਈ ਅਤੇ ਪੰਜ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਬੱਚਿਆਂ ਦੇ ਪਰਿਵਾਰਾਂ ਤੱਕ ਪਹੁੰਚ ਕਰਕੇ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕੀਤਾ ਗਿਆ, ਜਿਥੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਝੁੱਗੀ ਝੌਪੜੀ ਵਿੱਚ ਰਹਿਣ ਵਾਲੇ ਮਾਤਾ ਪਿਤਾ ਨੂੰ ਜ਼ਿਆਦਾ ਜਾਣਕਾਰੀ ਨਾ ਹੋਣ ਕਰਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪਤਾ ਨਹੀਂ ਹੁੰਦਾ ਜਿਸ ਕਾਰਨ ਕਈ ਛੋਟੇ ਬੱਚੇ ਇਹਨਾਂ ਸਕੀਮਾਂ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਇਕ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖਤਮ ਕਰਨ ਲਈ ਬੱਚਿਆਂ ਨੂੰ ਭੀਖ ਦੇਣ ਦੀ ਥਾਂ ‘ਤੇ ਉਨ੍ਹਾਂ ਦੇ ਹੱਥ ‘ਚ ਕਲਮ ਫੜਾਉਣ ਦੀ ਲੋੜ ਹੈ ਤਾਂ ਜੋ ਸਮਾਜ ‘ਚ ਵਿਚਰਦੇ ਹੋਏ ਉਨ੍ਹਾਂ ਦਾ ਵੀ ਵਿਕਾਸ ਅਤੇ ਵਾਧਾ ਹੋ ਸਕੇ।

Leave a Reply

Your email address will not be published. Required fields are marked *