ਲੰਪੀ ਸਕਿਨ ਬਿਮਾਰ ਤੋਂ ਬਚਾਅ ਲਈ ਜ਼ਿਲ੍ਹੇ ‘ਚ ਹੁਣ ਤੱਕ 82 ਫ਼ੀਸਦੀ ਤੋਂ ਵਧੇਰੇ ਗਊਆਂ ਦਾ ਕੀਤਾ ਟੀਕਾਕਰਨ
ਹੁਣ ਤੱਕ 98,500 ਗਊਆਂ ਦਾ ਹੋਇਆ ਟੀਕਾਕਰਨ
ਪਟਿਆਲਾ, 11 ਮਾਰਚ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਬਚਾਅ ਵਾਸਤੇ 15 ਫਰਵਰੀ 2023 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ‘ਚ 98 ਹਜ਼ਾਰ 500 ਗਊਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜਿਸ ਨਾਲ ਜ਼ਿਲ੍ਹੇ ਦੇ 82.08 ਫ਼ੀਸਦੀ ਪਸ਼ੂ ਹੁਣ ਤੱਕ ਕਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ 35 ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ‘ਚ 1 ਲੱਖ 20 ਹਜ਼ਾਰ ਗਊਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਪਸ਼ੂ ਪਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਿਮਾਰੀ ਤੋਂ ਗਊਆਂ ਦਾ ਬਚਾਅ ਕਰਨ ਲਈ ਮੁਫ਼ਤ ਹੋ ਰਹੇ ਟੀਕਾਕਰਨ ਦੌਰਾਨ ਗਊਆਂ ਦਾ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਦੀ ਆਰਥਿਕਤਾ ਪਸ਼ੂਆਂ ਦੀ ਚੰਗੀ ਸਿਹਤ ‘ਤੇ ਹੀ ਨਿਰਭਰ ਕਰਦੀ ਹੈ, ਇਸ ਲਈ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਸਮੇਂ ਸਮੇਂ ‘ਤੇ ਪਸ਼ੂ ਪਾਲਣ ਵਿਭਾਗ ਵੱਲੋਂ ਦਿੱਤੇ ਜਾਂਦੇ ਸੁਝਾਅ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਪਸ਼ੂ ਪਾਲਕ ਪਸ਼ੂ ਪਾਲਣ ਵਿਭਾਗ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨੇੜੇ ਦੇ ਪਸ਼ੂ ਹਸਪਤਾਲ ਜਾਂ ਡਿਸਪੈਂਸਰੀ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

