ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਵਿਭਾਗ ਨੇ ਕੀਤੀ ਪੁੱਛਗਿੱਛ
ਚੰਡੀਗੜ੍ਹ (ਮਧੂਸਾਰ ਬਿਊਰੋ) ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਦੇ ਦਫਤਰ ਪਹੁੰਚੇ । ਉਨ੍ਹਾਂ ਦੇ ਖਿਲਾਫ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਵਿਭਾਗ ਦੇ ਵੱਲੋਂ ਪੁੱਛਗਿੱਛ ਕੀਤੀ ਗਈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਵਿਭਾਗ ਵੱਲੋਂ ਬ੍ਰਹਮ ਮਹਿੰਦਰਾ ਨੂੰ ਪੁੱਛਗਿੱਛ ਦੇ ਲਈ ਵੱਖ-ਵੱਖ ਸਮੇਂ ‘ਤੇ ਤਿੰਨ ਨੋਟਿਸ ਭੇਜੇ ਗਏ ਸਨ । ਹਾਲਾਂਕਿ ਸਿਹਤ ਠੀਕ ਨਾ ਹੋਣ ਦੀ ਦਲੀਲ ਦੇ ਕੇ ਉਹ ਪੇਸ਼ ਨਹੀਂ ਹੋਏ ਸਨ । ਇਸ ਤੋਂ ਪਹਿਲਾਂ ਬ੍ਰਹਮ ਮਹਿੰਦਰਾ ਵੱਲੋਂ ਵਿਜੀਲੈਂਸ ਕਮਿਸ਼ਨ ਦੇ ਕੋਲ ਅਰਜ਼ੀ ਦਾਖਲ ਕੀਤੀ ਗਈ ਸੀ ।
ਪਰ ਕਮਿਸ਼ਨ ਵੱਲੋਂ ਉਨ੍ਹਾਂ ਨੂੰ ਦਖਲ ਨਾ ਦੇਣ ਦੇ ਲਈ ਕਿਹਾ ਗਿਆ ਸੀ । ਇਸ ਦੇ ਨਾਲ ਹੀ ਜਾਂਚ ਟੀਮ ਨੂੰ ਵੀ ਕਾਰਵਾਈ ਬਾਰੇ ਵਿਚਾਰ ਕਰਨ ਨੂੰ ਕਿਹਾ ਗਿਆ ਸੀ । ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਦੇ ਵੱਲੋਂ ਹੁਣ ਤੱਕ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ , ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਖਿਲਾਫ ਕਾਨੂੰਨੀ ਕਾਰਵਾਈ ਤੋਂ ਬਾਅਦ ਹੁਣ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਵਿਰੁੱਧ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਮੁਲਜ਼ਮ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ ਅਤੇ ਉਹ ਜੇਲ੍ਹ ਵਿੱਚ ਬੰਦ ਹਨ ।

