ਪੰਜਾਬਪਟਿਆਲਾ

ਜਥੇਦਾਰ ਅਕਾਲੀ ਫੂਲਾ ਸਿੰਘ ਦੀ ਸ਼ਤਾਬਦੀ ਨੂੰ ਸਮਰਪਿਤ ‘ਅੰਮਿ੍ਰਤ ਸੰਚਾਰ’ 150 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ

ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਕਰਵਾਇਆ ਮਹਾਨ ਗੁਰਮਤਿ ਸਮਾਗਮ

ਡਕਾਲਾ/ਪਟਿਆਲਾ 9 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਸਿੰਘ ਸਾਹਿਬ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਤੇ ਅੰਮਿ੍ਰਤ ਸੰਚਾਰ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਅਗਵਾਈ ’ਚ ਕਰਵਾਇਆ ਗਿਆ। ਇਸ ਮੌਕੇ ਪੰਜ ਪਿਆਰਿਆਂ ਪਾਸੋਂ ਅੰਮਿ੍ਰਤ ਦੀ ਦਾਤ ਹਾਸਲ ਕਰਨ ਵਾਲਿਆਂ ’ਚ ਬਜ਼ੁਰਗ, ਮਹਿਲਾਵਾਂ, ਨੌਜਵਾਨਾਂ ਅਤੇ ਬੱਚਿਆਂ ਨੇ ਸ਼ਿਰਕਤ ਕੀਤੀ ਅਤੇ 150 ਦੇ ਕਰੀਬ ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਖਾਲਸਾ ਸਾਜਨਾ ਦਿਹਾੜਾ ਨੂੰ ਸਮਰਪਿਤ ਸੰਗਤਾਂ ਗੁਰੂ ਸਾਹਿਬ ਨੂੰ ਆਪਣਾ ਆਪ ਸਮਰਪਿਤ ਕਰਨ ਅਤੇ ਬਾਣੇ ਅਤੇ ਬਾਣੀ ਦੇ ਧਾਰਨੀ ਬਣ ਕੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ ਅਤੇ ਗੁਰੂ ਸਾਹਿਬ ਦੇ ਫਲਸਫੇ ਨਾਲ ਜੁੜਕੇ ਆਪਣੇ ਜੀਵਨ ਨੂੰ ਸਫਲਾ ਬਣਾਈਏ। ਉਨ੍ਹਾਂ ਸਿੰਘ ਸਾਹਿਬ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੇ ਜੀਵਨ ਇਤਿਹਾਸ ਬਾਰੇ ਵੀ ਸੰਗਤਾਂ ਨੂੰ ਜਾਣੂੰ ਕਰਵਾਇਆ। ਗੁਰਮਤਿ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਢਾਡੀ ਗੁਰਪਿਆਰ ਸਿੰਘ, ਢਾਡੀ ਸੁਖਜਿੰਦਰ ਸਿੰਘ ਚੰਗਿਆੜਾ, ਬੀਬੀ ਰਾਜਵਿੰਦਰ ਕੌਰ ਸਮੇਤ ਗੁਰਦੁਆਰਾ ਪ੍ਰਬੰਧਕ ਆਦਿ ਸੰਗਤਾਂ ਹਾਜ਼ਰ ਸਨ।

Leave a Reply

Your email address will not be published. Required fields are marked *