ਪੰਜਾਬਪਟਿਆਲਾ

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਮੌਕੇ ਸੰਗਤ ਗੁਰੂ ਘਰ ਨਤਮਸਤਕ

ਗੁਰਦੁਆਰਾ ਸਾਹਿਬਾਨ ’ਚ ਪੁਲਿਸ ਤਾਇਨਾਤ ਕਰਵਾਕੇ ਪੰਜਾਬ ਤੇ ਸਿੱਖਾਂ ਦਾ ਅਕਸ ਖਰਾਬ ਨਾ ਕਰੇ ਸਰਕਾਰ : ਪ੍ਰੋ. ਬਡੂੰਗਰ

ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਤ

ਪਟਿਆਲਾ 14 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸਾਖੀ ਦੇ ਜੋੜ ਮੇਲ ਮੌਕੇ ਖਾਲਸਾ ਸਾਜਨਾ ਪੁਰਬ ਮਨਾਉਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜਕੇ ਆਪਣੀ ਆਸਥਾ ਪ੍ਰਗਟਾਈ ਅਤੇ ਗੁਰੂ ਦਰਬਾਰ ਵਿਚ ਨਤਮਸਤਕ ਹੋ ਕੇ ਖਾਲਸੇ ਦਾ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਇਸੇ ਤਰ੍ਹਾਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਤੋਂ ਇਲਾਵਾ ਪ੍ਰਬੰਧ ਅਧੀਨ ਗੁਰਦੁਆਰਿਆਂ ਵਿਚ ਖਾਲਸਾ ਸਾਜਨਾ ਪੁਰਬ ਮੌਕੇ ਅੰਮਿ੍ਰਤ ਸੰਚਾਰ ਵੀ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਪੁਰਬ ਨੂੰ ਸਮਰਪਿਤ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਕੀਰਤਨ ਪ੍ਰਵਾਹ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਗਤਾਂ ਨੇ ਪੰਗਤ ਸੰਗਤ ਕੀਤੀ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਪਾਤਸ਼ਾਹ ਦੀਆਂ ਖੁਸ਼ੀਆਂ ਹਾਸਲ ਕੀਤੀਆਂ। ਖਾਲਸਾ ਸਾਜਨਾ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧਾਰਮਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਖਾਲਸਾ ਸਾਜਨਾ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਖਾਲਸੇ ਦੀ ਸਾਜਨਾ ਨਾਲ ਨਵੀਂ ਚੇਤਨਾ ਤੇ ਨਵੀਂ ਇਨਕਲਾਬ ਦਾ ਆਗਾਜ਼ ਹੋਇਆ। ਪ੍ਰੋ. ਬਡੂੰਗਰ ਨੇ ਗੁਰਦੁਆਰਾ ਸਾਹਿਬਾਨ ’ਚ ਪੁਲਿਸ ਤਾਇਨਾਤ ਕੀਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਅੰਦਰ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਦਹਿਸ਼ਤ ਪੈਦਾ ਕੀਤੀ ਸੀ, ਪ੍ਰੰਤੂ ਅੱਜ ਪੰਜਾਬ ਵਿਚ ਅਮਨ ਸ਼ਾਂਤੀ ਹੈ ਅਤੇ ਇਸ ਦੇ ਬਾਵਜੂਦ ਗੁਰਦੁਆਰਿਆਂ ਵਿਚ ਪੁਲਿਸ ਤਾਇਨਾਤ ਕਰਕੇ ਸੰਗਤਾਂ ਅੰਦਰ ਦਹਿਸ਼ਤ ਦੇ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਤੋਂ ਬਾਦ ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ, ਜਿਸ ਨਾਲ ਪੰਜਾਬ ਤੇ ਸਿੱਖਾਂ ਦਾ ਅਕਸ ਨੂੰ ਖਰਾਬ ਕਰਨਾ ਸਰਕਾਰ ਦਾ ਗਲਤ ਵਰਤਾਰਾ ਹੈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਮੈਨੇਜਰ ਸੁਖਵਿੰਦਰ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਵਰਿੰਦਰ ਸਿਘ ਗੋਲਡੀ, ਗੁਰਤੇਜ ਸਿੰਘ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

(ਡੱਬੀ)
ਮੁੱਖ ਮੰਤਰੀ ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ

ਵਿਸਾਖੀ ਪੁਰਬ ’ਤੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸਪੁਤਨੀ ਡਾ. ਗੁਰਪ੍ਰੀਤ ਕੌਰ ਵੀ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਰੁਮਾਲਾ ਭੇਂਟ ਕੀਤਾ ਅਤੇ ਗੁਰੂ ਦਰਬਾਰ ਵਿਚ ਹਜ਼ੂਰੀ ਕੀਰਤਨੀ ਜੱਥੇ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਸਮੁੱਚੀ ਸੰਗਤ ਨੂੰ ਖਾਲਸਾ ਸਾਜਨਾ ਦਿਹਾੜੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪਵਿੱਤਰ ਦਿਹਾੜੇ ’ਤੇ ਖਾਲਸਾ ਪੰਥ ਦੀਆਂ ਖੁਸ਼ੀਆਂ ਹਾਸਲ ਕਰਨ ਲਈ ਵੱਡੀ ਗਿਣਤੀ ਵਿਚ ਸੰਗਤ ਗੁਰੂ ਘਰਾਂ ਵਿਚ ਨਤਮਸਤਕ ਹੋ ਰਹੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵਾਂਗੇ।

(ਡੱਬੀ)
ਖਾਲਸਾ ਸਾਜਨਾ ਦਿਹਾੜੇ ’ਤੇ 228 ਪ੍ਰਾਣੀਆਂ ਨੇ ਲਈ ਖੰਡੇ ਬਾਟੇ ਦੀ ਪਾਹੁਲ

ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਪੰਜ ਪਿਆਰਿਆਂ ਪਾਸੋਂ 228 ਪ੍ਰਾਣੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਅੰਮਿ੍ਰਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਨੂੰ ਗੁਰੂ ਆਸ਼ੇ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਬਾਣੀ ਤੇ ਬਾਣੇ ਨਾਲ ਜੁੜਕੇ ਸੰਗਤਾਂ ਸ੍ਰੀ ਆਨੰਦਪੁਰ ਨਗਰੀ ਦੇ ਵਾਸੀ ਦਾ ਮਾਣ ਹਾਸਲ ਕਰਕੇ।

Leave a Reply

Your email address will not be published. Required fields are marked *