ਪਟਿਆਲਾ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਫ਼ਸਲੀ ਵਿਭਿੰਨਤਾ ਲਿਆਉਣ ਲਈ ਉਪਰਾਲੇ ਜਾਰੀ

ਨਰਮਾ, ਮੂੰਗੀ, ਬਾਸਮਤੀ, ਗੰਨਾ, ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਹੇਠ ਰਕਬਾ ਲਿਆਉਣ ਲਈ ਕਿਸਾਨਾਂ ਨੂੰ ਅਪੀਲ

ਪਟਿਆਲਾ, 19 ਅਪ੍ਰੈਲ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬ ਸਰਕਾਰ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਯੋਗ ਅਗਵਾਈ ਹੇਠ ਰਾਜ ਵਿੱਚ ਫ਼ਸਲੀ ਵਿਭਿੰਨਤਾ ਲਿਆਉਣ ਸਬੰਧੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਵਿਸ਼ੇਸ਼ ਯਤਨਾਂ ਸਦਕਾ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਹਰਿੰਦਰ ਸਿੰਘ ਵੱਲੋਂ ਮਹੀਨਾ ਮਾਰਚ 2023 ਤੋਂ ਵਿਸ਼ੇਸ਼ ਉਪਰਾਲਾ ਕੀਤੇ ਜਾ ਰਹੇ ਹਨ। ਡਾ. ਹਰਿੰਦਰ ਸਿੰਘ ਨੇ ਦੱਸਿਆ ਕਿ ਫ਼ਸਲੀ ਵਿਭਿੰਨਤਾ ਸਕੀਮ ਹੇਠ ਨਰਮੇ ਹੇਠ ਰਕਬਾ ਲਿਆਉਣ ਲਈ ਕਿਸਾਨ www.agrimachinerypb.com ‘ਤੇ ਨਰਮੇ ਦਾ ਬੀਜ 33 ਫ਼ੀਸਦੀ ਸਬਸਿਡੀ ਤੇ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਕਿਸਾਨ ਤਕਨੀਕੀ ਜਾਣਕਾਰੀ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਤੋਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮੂੰਗੀ ਦੀ ਫ਼ਸਲ ਦਾ ਐਮ.ਐਸ.ਪੀ ਸਰਕਾਰ ਵੱਲੋਂ 7275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਪਿਛਲੇ ਸਾਲ ਦੀ ਤਰ੍ਹਾਂ ਇਸ ਦੇ ਮੰਡੀਕਰਨ ਦਾ ਪ੍ਰਬੰਧ ਵੀ ਸਰਕਾਰ ਵੱਲੋਂ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪਿਛਲੇ ਸਾਲ ਦੀ ਤਰ੍ਹਾਂ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਂਦੇ ਗਏ ਰਕਬੇ ਲਈ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾਣੀ ਹੈ। ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਲਿਆਉਣ ਲਈ ਕਿਸਾਨ ਝੋਨੇ ਦੀਆਂ ਛੇਤੀ ਪੱਕਣ ਵਾਲੀਆਂ ਕਿਸਮਾਂ ਅਤੇ ਬਾਸਮਤੀ ਨੂੰ ਤਰਜੀਹ ਦੇ ਸਕਦੇ ਹਨ, ਜਿਸ ਨਾਲ ਧਰਤੀ ਹੇਠ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੂਸਾ 44 ਨੂੰ ਤਰਜੀਹ ਨਾ ਦੇਣ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਨਿਜਾਤ ਪਾਈ ਜਾ ਸਕੀ। ਜ਼ਿਲ੍ਹੇ ਵਿੱਚ ਗੰਨੇ ਦੀ ਫ਼ਸਲ ਹੇਠ ਰਕਬਾ ਵਧਾਉਣ ਲਈ ਸਰਕਾਰ ਵੱਲੋਂ ਐਸ. ਏ. ਪੀ. 380 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ, ਜੋ ਕਿ ਸਾਰੇ ਰਾਜਾਂ ਨਾਲੋਂ ਜ਼ਿਆਦਾ ਹੈ। ਕਣਕ ਦੀ ਵਾਢੀ ਉਪਰੰਤ ਸਮੂਹ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਅਤੇ ਪਾਣੀ ਦੇ ਸੈਂਪਲ ਟੈਸਟ ਕਰਵਾਉਣ ਸਬੰਧੀ ਅਪੀਲ ਕੀਤੀ ਜਾਂਦੀ ਹੈ ਅਤੇ ਨਾਲ ਹੀ ਮੁੱਖ ਖੇਤੀਬਾੜੀ ਅਫ਼ਸਰ, ਪਟਿਆਲਾ ਨੇ ਦੱਸਿਆ ਕਿ ਇਸ ਸਬੰਧੀ ਵਿਸ਼ੇਸ਼ ਮੁਹਿੰਮ ਵੀ ਵਿਭਾਗ ਵੱਲੋਂ ਚਲਾਈ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਦੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *