ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾ ਫਤਹਿ ਮਾਰਚ’ ਪੰਜਾਬ ’ਚ ਦਾਖਲ
ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਭੂ ਬੈਰੀਅਰ ’ਤੇ ਕੀਤਾ ਨਿੱਘਾ ਸਵਾਗਤ
ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਚੰਦੂਮਾਜਰਾ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਕੀਤੀ ਸ਼ਿਰਕਤ
ਰਾਜਪੁਰਾ/ਪਟਿਆਲਾ/ਸੰਭੂ ਬੈਰੀਅਰ 21 ਅਪ੍ਰੈਲ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਸਿੱਖ ਕੌਮ ਦੇ ਮਹਾਨ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਤੋਂ ਆਰੰਭ ਹੋਇਆ ‘ਖਾਲਸਾ ਫਤਹਿ ਮਾਰਚ’ ਕਰਨਾਲ ਤੋਂ ਅਗਲੇ ਪੜ੍ਹਾਅ ਵੱਧਦਾ ਹੋਇਆ ਪੰਜਾਬ ’ਚ ਦਾਖਲ ਹੋਇਆ। ਪੰਜਾਬ ਤੇ ਹਰਿਆਣਾ ਦੀ ਸਰਹੱਦ ਸੰਭੂ ਬੈਰੀਅਰ ’ਤੇ ‘ਖਾਲਸਾ ਫਤਹਿ ਮਾਰਚ’ ਦਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਾਬਕਾ ਮੈਂਬਰ ਪਾਰਲੀਮੈਂਟ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਨੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਿੱਘਾ ਸਵਾਗਤ ਕੀਤਾ। ਖਾਲਸਾ ਫਤਹਿ ਮਾਰਚ ਦਾ ਸਵਾਗਤ ਕਰਨ ਲਈ ਪੰਜਾਬ ਤੇ ਹਰਿਆਣਾ ਦੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਵਿਚ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮੁਪਰੀ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸਰਵਣ ਸਿੰਘ ਕੁਲਾਰ ਸੁਲਤਾਨਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਇਸਤਰੀ ਅਕਾਲੀ ਦਲ ਦਿੱਲੀ ਦੀ ਪ੍ਰਧਾਨ ਬੀਬੀ ਰਣਜੀਤ ਕੌਰ, ਜਥੇਦਾਰ ਭੁਪਿੰਦਰ ਸਿੰਘ ਅਸੰਧ, ਜਥੇਦਾਰ ਹਰਪਾਲ ਸਿੰਘ ਪਾਲੀ, ਬੀਬੀ ਮਨਜੀਤ ਗਧੋਲਾ, ਅਮਰਜੀਤ ਸਿੰਘ ਮੰਗੀ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।
ਖਾਲਸਾ ਫਤਹਿ ਮਾਰਚ ਦਾ ਨਿੱਘਾ ਸਵਾਗਤ ਕਰਨ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦੀ ਪਾਲਕੀ ਵਿਚ ਸੁਸ਼ੋਭਿਤ ਗੁਰੂ ਮਹਾਰਾਜ ਅੱਗੇ ਆਪਣੇ ਕਰ ਕਮਲਾਂ ਨਾਲ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ। ਇਸ ਮੌਕੇ ਖਾਲਸਾ ਫਤਹਿ ਮਾਰਚ ਦੇ ਸਵਾਗਤ ਵਿਚ ਖਾਲਸਾਈ ਪਹਿਰਾਵੇ ਵਿਚ ਸਜੇ ਸਕੂਲੀ ਬੱਚਿਆਂ ਦੀ ਬੈਡ ਪਾਰਟੀ ਵੀ ਪੁੱਜੀ,ਜੋ ਸੰਗਤਾਂ ਵਿਚ ਖਿੱਚ ਦਾ ਕੇਂਦਰ ਬਣੀ ਰਹੀ। ਇਸ ਦੌਰਾਨ ਢਾਡੀ ਗੁਰਪਿਆਰ ਸਿੰਘ ਜੌਹਰ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਵੀ ਜੋੜਿਆ। ਇਸ ਮੌਕੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਫਤਹਿ ਮਾਰਚ ਰਾਹੀਂ ਸਿੱਖ ਕੌਮ ਦੇ ਮਹਾਨ ਜਰਨੈਲ ਸਿੰਘ ਨੂੰ ਸ਼ਤਾਬਦੀ ਰਾਹੀਂ ਯਾਦ ਕੀਤਾ ਜਾ ਰਿਹਾ ਹੈ ਤਾਂ ਕਿ ਇਤਿਹਾਸ ਅੰਦਰ ਉਨ੍ਹਾਂ ਵੱਲੋਂ ਘਾਲਣੀਆਂ ਘਾਲਨਾਵਾਂ ਬਾਰੇ ਸੰਗਤਾਂ ਨੂੰ ਦੱਸਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸ਼ਤਾਬਦੀ ਦੇ ਰੂਪ ਵਿਚ ਆਪਣੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ ਤਾਂ ਕਿ ਅਜੌਕੀ ਪੀੜ੍ਹੀ ਵੀ ਆਪਣੇ ਮਹਾਨ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ। ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਭੂ ਬੈਰੀਅਰ ’ਤੇ ਪੁੱਜੀਆਂ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਖਾਲਸਾ ਫਤਹਿ ਮਾਰਚ ਦੇ ਰੂਪ ਵਿਚ ਕੀਤੇ ਉਪਰਾਲੇ ਦੀ ਸ਼ਲਾਘਾ ਕੀਤਾ। ਖਾਲਸਾ ਫਤਹਿ ਮਾਰਚ ਦਾ ਡੇਰਾ ਬਾਬਾ ਸੁੱਖਾ ਸਿੰਘ ਜੀ ਕਾਰਸੇਵਾ ਵਾਲਿਆਂ ਨੇ ਨਿੱਘਾ ਸਵਾਗਤ ਕੀਤਾ, ਸ਼ੰਭੂ ਬੈਰੀਅਰ ਰਾਹੀਂ ਪੰਜਾਬ ਵਿਚ ਦਾਖਲ ਹੋਣ ਤੋਂ ਬਾਅਦ ਅੰਬਾਲਾ, ਸ਼ੰਭੂ ਬਾਰਡਰ, ਰਾਜਪੁਰਾ, ਬਹਾਦਰਗੜ੍ਹ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਪੁੱਜਾ। ਨਗਰ ਕੀਰਤਨ ਵਿਚ ਸੰਗਤਾਂ ਨੇ ਉਤਸ਼ਾਹ ਨਾਲ ਹਾਜ਼ਰੀ ਭਰੀ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਮਨਜੀਤ ਕੌਰ, ਸ. ਤੇਜਿੰਦਰਪਾਲ ਸਿੰਘ ਲਾਡਵਾਂ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਗੁਰਮੀਤ ਸਿੰਘ ਬੁੱਟਰ, ਬਾਬਾ ਸੁੱਖਾ ਸਿੰਘ ਕਰਨਾਲ, ਇੰਚਾਰਜ ਸ. ਹਰਪਾਲ ਸਿੰਘ, ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਤੇਜਿੰਦਰ ਸਿੰਘ, ਸ. ਰਣਜੀਤ ਸਿੰਘ ਭੋਮਾਂ, ਤੇਜਿੰਦਰਪਾਲ ਸਿੰਘ ਢਿੱਲੋਂ, ਸਿਆਸੀ ਸਲਾਹਕਾਰ ਪ੍ਰੋ. ਚੰਦੂਮਾਜਰਾ ਜਗਜੀਤ ਸਿੰਘ ਕੋਹਲੀ, ਭੁਪਿੰਦਰ ਸਿੰਘ ਸ਼ੇਖੂਪੁਰਾ, ਗੋਬਿੰਦ ਸਿੰਘ ਵਿਰਦੀ, ਗੁਰਿੰਦਰ ਸਿੰਘ ਪਾਤੜਾਂ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਭੂ ਬੈਰੀਅਰ ’ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਸਮੁੱਚੇ ਸਟਾਫ ਨੇ ਗੁਰੂ ਸਾਹਿਬ ਦੇ ਅਤੁੱਟ ਲੰਗਰ ਵਿਚ ਆਪਣੀਆਂ ਸੇਵਾਵਾਂ ਨਿਭਾਈਆਂ।

