ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਖੋਜ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੀ ਗਈ ਅਹਿਮ ਮੀਟਿੰਗ
ਪਟਿਆਲਾ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੰਜਾਬੀ ਭਾਸ਼ਾ ਵਿਕਾਸ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਵਿਭਾਗ ਦੁਆਰਾ ਪ੍ਰਕਾਸ਼ਿਤ ਕੀਤੇ ਜਾਂਦੇ ਖੋਜ ਜਰਨਲਾਂ ਨੂੰ ਹੋਰ ਮਿਆਰੀ ਬਣਾਉਣ ਲਈ ਸੰਪਾਦਕੀ ਮੰਡਲ ਵਿੱਚ ਸ਼ਾਮਿਲ ਵਿਦਵਾਨਾਂ ਦੀ ਇੱਕ ਸਾਂਝੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ-ਚਾਂਸਲਰ ਪ੍ਰੋ. ਅਰਵਿੰਦ ਨੇ ਕੀਤੀ। ਇਸ ਵਿੱਚ ਪ੍ਰਸਿੱਧ ਵਿਦਵਾਨ ਪ੍ਰੋ. ਹਰੀਸ਼ ਪੁਰੀ, ਡਾ. ਨੀਰਾ ਗਰੋਵਰ ਅਤੇ ਪ੍ਰੋ. ਹਰਿਭਜਨ ਸਿੰਘ ਭਾਟੀਆ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ ਅਤੇ ਪ੍ਰੋ. ਹਰਦੇਵ ਸਿੰਘ ਵਿਰਕ ਨੇ ਆਨਲਾਇਨ ਰੂਪ ਵਿੱਚ ਸ਼ਮੂਲੀਅਤ ਕੀਤੀ। ਆਰੰਭ ਵਿੱਚ ਵਿਭਾਗ ਦੇ ਮੁਖੀ ਡਾ. ਪਰਮਿੰਦਰਜੀਤ ਕੌਰ ਨੇ ਸਭਨਾਂ ਨੂੰ ਜੀ ਆਇਆਂ ਕਿਹਾ ਅਤੇ ਇਸ ਮੀਟਿੰਗ ਬਾਰੇ ਜਾਣਕਾਰੀ ਦਿੱਤੀ।
ਵਾਈਸ-ਚਾਂਸਲਰ ਪ੍ਰੋਫ਼ੈਸਰ ਅਰਵਿੰਦ ਨੇ ਇਸ ਗੱਲ ’ਤੇ ਵਿਸ਼ੇਸ਼ ਬਲ ਦਿੱਤਾ ਕਿ ਯੂਨੀਵਰਸਿਟੀ ਦੁਆਰਾ ਪ੍ਰਕਾਸ਼ਿਤ ਖੋਜ ਜਰਨਲ ਹਰ ਪੱਖੋਂ ਮਿਆਰੀ ਹੋਣੇ ਚਾਹੀਦੇ ਹਨ। ਪ੍ਰੋ. ਹਰੀਸ਼ ਪੁਰੀ ਨੇ ਵੀ ਖੋਜ ਦੀ ਕੁਆਲਟੀ ਨੂੰ ਪ੍ਰਮੁੱਖਤਾ ਦੇਣ ਦੀ ਗੱਲ ਕਹੀ। ਪ੍ਰੋ. ਹਰਦੇਵ ਸਿੰਘ ਵਿਰਕ ਨੇ ਯੂਨੀਵਰਸਿਟੀ ਦੁਆਰਾ ਪੰਜਾਬੀ ਭਾਸ਼ਾ ਵਿੱਚ ਪ੍ਰਕਾਸ਼ਿਤ ਕੀਤੇ ਜਾਂਦੇ ਮੈਗਜ਼ੀਨਾਂ ਦੇ ਮਹੱਤਵ ਨੂੰ ਉਜਾਗਰ ਕੀਤਾ। ਪ੍ਰੋ. ਹਰਿਭਜਨ ਸਿੰਘ ਭਾਟੀਆ ਨੇ ਕਿਹਾ ਕਿ ਪੰਜਾਬੀ ਜਗਤ ਨੂੰ ਮਿਆਰੀ ਅਤੇ ਪ੍ਰਮਾਣਿਕ ਜਾਣਕਾਰੀ ਮੁਹੱਈਆ ਕਰਨਾ ਪੰਜਾਬੀ ਯੂਨੀਵਰਸਿਟੀ ਦੀ ਜ਼ਿੰਮੇਵਾਰੀ ਹੈ। ਇਸ ਮੀਟਿੰਗ ਵਿੱਚ ਵੱਖ ਵਿਸ਼ਿਆਂ ਨਾਲ ਸੰਬੰਧਿਤ ਵਿਦਵਾਨਾਂ ਡਾ. ਰਾਜਿੰਦਰਪਾਲ ਸਿੰਘ ਬਰਾੜ, ਡਾ. ਸੁਰਜੀਤ ਸਿੰਘ, ਡਾ. ਹਿਮੇਂਦਰ ਭਾਰਤੀ, ਡਾ. ਜਤਿੰਦਰ ਸ਼ਰਮਾ, ਡਾ. ਦੀਪਕ ਕੁਮਾਰ, ਡਾ. ਅਨੁਪਮਾ, ਡਾ. ਰੁਬੀਨਾ ਸ਼ਬਨਮ, ਡਾ. ਜਸਪਾਲ ਕੌਰ, ਡਾ. ਨੀਤੂ ਕੌਸ਼ਲ, ਡਾ. ਰਹਿਮਾਨ ਅਖ਼ਤਰ, ਡਾ. ਕਰਮਜੀਤ ਸਿੰਘ ਆਦਿ ਨੇ ਵਿਭਾਗ ਦੀਆਂ ਖੋਜ ਪੱਤ੍ਰਿਕਾਵਾਂ ਨੂੰ ਵਿਸ਼ਾਗਤ ਅਤੇ ਤਕਨੀਕੀ ਪੱਖਾਂ ਤੋਂ ਹੋਰ ਬਿਹਤਰ ਬਣਾਉਣ ਲਈ ਆਪਣੇ ਵੱਡਮੁੱਲੇ ਸੁਝਾਅ ਪੇਸ਼ ਕੀਤੇ।

