ਖਾਲਸਾ ਫਿਜ਼ੀਕਲ ਐਜੂਕੇਸ਼ਨ ਵਿਖੇ ‘ਵਾਤਾਵਰਣ ਅਤੇ ਸਿਹਤ’ ਵਿਸ਼ੇ ’ਤੇ ਦੋ ਰੋਜ਼ਾ ਸੈਮੀਨਾਰ
ਕੋਈ ਸਮਾਂ ਨਹੀਂ ਬਚਿਆ, ਵਾਤਾਵਰਣ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ: ਮਾਹਿਰ
ਅੰਮ੍ਰਿਤਸਰ, 27 ਅਪ੍ਰੈਲ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ‘ਗਲੋਬਲ ਹੈਲਥ ਅਤੇ ਵਾਤਾਵਰਣ’ ਵਿਸ਼ੇ ’ਤੇ ਦੋ-ਰੋਜ਼ਾ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੌਰਾਨ ਇਕੱਤਰ ਹੋਏ ਮਾਹਿਰਾਂ ਨੇ ਕਿਹਾ ਕਿ ਹੁਣ ਸਮਾਂ ਨਹੀਂ ਬਚਿਆ ਹੈ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਹਰ ਯਤਨ ਤੇ ਹੀਲਾ ਤੇਜ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਨਿਘਾਰ ਆਪਣੀ ਚਰਮ ਸੀਮਾ ’ਤੇ ਪਹੁੰਚ ਗਿਆ ਹੈ ਅਤੇ ਸਮਾਜ, ਸਰਕਾਰ ਤੇ ਹਰੇਕ ਵਿਅਕਤੀ ਨੂੰ ਘਟਦੇ ਪਾਣੀ, ਮਿੱਟੀ ਅਤੇ ਹਵਾ ਦੇ ਪ੍ਰਦੂਸ਼ਣ ਨੂੰ ਬਚਾਉਣ ਲਈ ਸਮੂਹਿਕ ਯਤਨ ਕਰਨ ਦੀ ਜ਼ਰੂਰਤ ਹੈ।ਆਪਣੇ ਮੁੱਖ ਭਾਸ਼ਣ ’ਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਸੇਵਾਮੁਕਤ ਲੈਫ਼. ਜਨਰਲ ਡਾ. ਜੇ. ਐਸ. ਚੀਮਾ ਨੇ ਕਿਹਾ ਕਿ ਵਾਤਾਵਰਣ ਅਤੇ ਸਿਹਤ ਇਕ ਸਿੱਕੇ ਦੇ ਦੋ ਪਹਿਲੂ ਹਨ। ਪਰ ਤ੍ਰਾਸਦੀ ਇਹ ਹੈ ਕਿ ਅਸੀਂ ਵਾਤਾਵਰਣ ਨਾਲ ਖਿਲਵਾੜ ਕਰ ਰਹੇ ਹਾਂ ਤੇ ਚੰਗੀ ਸਿਹਤ ਦੀ ਆਸ ਰੱਖਦੇ ਹਾਂ। ਉਨ੍ਹਾਂ ਕਿਹਾ ਕਿ ਇਹ ਸੰਭਵ ਨਹੀਂ ਅਤੇ ਕਾਰਬਨ ਨਿਕਾਸ ਨੂੰ ਹਰ ਪੱਧਰ ’ਤੇ ਰੋਕਣਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਉਣ। ਇਸ ਮੌਕੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸੰਯੁਕਤ ਸਕੱਤਰ (ਵਿੱਤ) ਸ: ਗੁਨਬੀਰ ਸਿੰਘ ਨੇ ਕਿਹਾ ਕਿ ਸੈਮੀਨਾਰ ਜੋ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.), ਪਟਿਆਲਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਵੱਧ ਰਹੇ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਸ ਦੇ ਹੱਲ ਲੱਭਣਾ ਸੀ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਉਦਾਹਰਣਾਂ ਅਤੇ ਗੁਰੂ ਸਾਹਿਬਾਨ ਦੇ ਸੰਦੇਸ਼ਾਂ ਸਬੰਧੀ ਚਾਨਣਾ ਪਾਉਂਦਿਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅੱਛੇ ਜੀਵਨ ਸਬੰਧੀ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਵਾਤਾਵਰਣ ਸਬੰਧੀ ਖਤਰੇ ਖਿਲਾਫ ਨਜਿੱਠਣ ਦਾ ਵੀ ਸੱਦਾ ਦਿੱਤਾ।
ਇਸ ਮੌਕੇ ਪੀ. ਪੀ. ਸੀ. ਬੀ. ਦੇ ਚੇਅਰਮੈਨ ਡਾ. ਆਦਰਸ਼ ਪਾਲ ਵਿਗ ਨੇ ਹਵਾ, ਪਾਣੀ ਅਤੇ ਜਲਵਾਯੂ ਦੇ ਵਿਗਾੜ ਸਮੇਤ ਵਾਤਾਵਰਣ ਦੇ ਖਤਰਿਆਂ ਨਾਲ ਨਜਿੱਠਣ ਲਈ ਲੋੜੀਂਦੇ ਯਤਨਾਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਕ ਦੂਜੇ ’ਤੇ ਦੋਸ਼ ਲਗਾਉਣ ਨਾਲ ਮੁਸ਼ਕਿਲਾਂ ਹੋਰ ਵੱਧਣਗੀਆਂ। ਕਿਸਾਨ, ਉਦਯੋਗ ਜਾਂ ਕਾਰਪੋਰੇਟ, ਸਭ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਕਿਸ ਮੁਕਾਮ ’ਤੇ ਪਹੁੰਚ ਗਏ ਹਾਂ ਅਤੇ ਸਾਨੂੰ ਚਾਰੇ ਪਾਸੇ ਪ੍ਰਦੂਸ਼ਣ ਦੀ ਵੱਡੀ ਸਮੱਸਿਆ ਦੇ ਹੱਲ ਲੱਭਣ ਦੀ ਜ਼ਰੂਰਤ ਹੈ। ਪੀ. ਪੀ. ਸੀ. ਬੀ. ਮੈਂਬਰ ਜੀ. ਐਸ. ਮਜੀਠੀਆ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਆਲੇ ਦੁਆਲੇ ਵਾਹਨਾਂ, ਪਰਾਲੀ ਅਤੇ ਕੂੜੇ ਨੂੰ ਸਾੜਨ ਕਾਰਨ ਪਿਛਲੇ ਸਾਲਾਂ ਦੌਰਾਨ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ ਦੀ ਸੋਨੇ ਦੀ ਪਰਤ ਆਪਣੀ ਚਮਕ ਗੁਆ ਰਹੀ ਸੀ, ਜਿਸ ਦੇ ਉਪਰਾਲੇ ਕੀਤੇ ਗਏ ਹਨ ਅਤੇ ਹੋਰ ਉਪਰਾਲੇ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੇ ਵਿਗਾੜ ਦੇ ਖਤਰੇ ਨੂੰ ਰੋਕਣ ਲਈ ਸਾਨੂੰ ਸਮਾਜ ਦੇ ਸਹਿਯੋਗ ਦੀ ਲੋੜ ਹੈ। ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ ਨੇ ਬੁਲਾਰਿਆਂ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਹਰੇ ਪੌਦੇ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਸੈਮੀਨਾਰ ਦਾ ਮਕਸਦ ਲੋਕਾਂ ਨੂੰ ਸਰੋਤਾਂ ਦੀ ਟਿਕਾਊ ਵਰਤੋਂ ਬਾਰੇ ਜਾਗਰੂਕ ਕਰਨਾ, ਵਾਤਾਵਰਣ ਪੱਖੀ ਗਤੀਵਿਧੀਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਹੈ।

