ਸ.ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰਨ ‘ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ
ਫਤਹਿਗੜ੍ਹ ਸਾਹਿਬ (ਮਧੂਸਾਰ ਬਿਊਰੋ) ਦਰਵੇਸ਼ ਸਿਆਸਤਦਾਨ, ਪੰਜ ਵਾਰ ਦੇ ਮੁੱਖ-ਮੰਤਰੀ, ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ‘ਤੇ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਕਾਲਜ ਟਰੱਸਟ ਦੇ ਸਕੱਤਰ ਸ. ਸੁਖਮਿੰਦਰ ਸਿੰਘ, ਟਰੱਸਟ ਮੈਂਬਰ ਜਗਦੀਪ ਸਿੰਘ ਚੀਮਾ, ਸ. ਅਵਤਾਰ ਸਿੰਘ ਰਿਆ, ਸ. ਅਮਰਦੀਪ ਸਿੰਘ ਧਾਰਨੀ ਅਤੇ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਗਈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਸਮੂਹ ਪੰਥ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਉਹਨਾਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸੱਚੇ ਹਮਦਰਦ ਸਨ ਅਤੇ ਉਨ੍ਹਾਂ ਦੇ ਚਲੇ ਜਾਣ ਨਾਲ ਦੇਸ਼ ਨੂੰ , ਪੰਜਾਬ ਨੂੰ ਅਤੇ ਸਮੁੱਚੇ ਪੰਥ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਬਾਦਲ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਦੀਆਂ ਯਾਦਗਾਰਾਂ ਉਸਾਰਨ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿੱਦਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਕਰਕੇ ਯਾਦ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ ਅਤੇ ਉਹ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਮੌਕੇ ਤੇ ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰ ਹਾਜ਼ਰ ਸਨ।

