ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੌਮੀ ਇਨਸਾਫ ਮੋਰਚਾ ਮਾਮਲੇ ‘ਤੇ ਪਾਈ ਝਾੜ, DGP ਨੂੰ ਕੀਤਾ ਤਲਬ
ਚੰਡੀਗੜ੍ਹ (ਮਧੂਸਾਰ ਬਿਊਰੋ) – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੋਹਾਲੀ ‘ਚ ਕੌਮੀ ਇਨਸਾਫ ਮੋਰਚੇ ਦੇ ਮਾਮਲੇ ‘ਚ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਡੀਜੀਪੀ ਨੂੰ ਤਲਬ ਕੀਤਾ ਹੈ। ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਇਸ ਮਾਮਲੇ ਦਾ ਹੱਲ ਕੱਢਣ ਲਈ ਸਰਕਾਰ ਨੂੰ ਕਈ ਵਾਰ ਆਦੇਸ਼ ਦਿੱਤੇ ਗਏ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਹਾਈਕੋਰਟ ਨੇ ਕਿਹਾ, ਸਰਕਾਰ ਹੁਣ ਤੱਕ ਇਸ ਮਾਮਲੇ ‘ਚ ਕੋਈ ਠੋਸ ਕਾਰਵਾਈ ਕਰਨ ‘ਚ ਨਾਕਾਮ ਰਹੀ ਹੈ, ਹੁਣ ਵੀ ਸਰਕਾਰ ਸਮਾਂ ਮੰਗ ਰਹੀ ਹੈ। ਪਿਛਲੀ ਸੁਣਵਾਈ ‘ਤੇ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ, ਫਿਰ ਵੀ ਧਰਨਾ ਜਾਰੀ ਹੈ ਜ਼ਿਕਰਯੋਗ ਹੈ ਕਿ ਮੁਹਾਲੀ ਦੇ ਵਾਈਪੀਐਸ ਚੌਕ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਸੜਕ ਜਾਮ ਕਰਕੇ ਦਿੱਤੇ ਜਾ ਰਹੇ ਧਰਨੇ ਖ਼ਿਲਾਫ਼ ਹਾਈ ਕੋਰਟ ਵਿੱਚ ਪਾਈ ਜਨਹਿੱਤ ਪਟੀਸ਼ਨ ’ਤੇ ਹਾਈ ਕੋਰਟ ਨੇ ਸਰਕਾਰ ਨੂੰ ਇਸ ਵਿਵਾਦ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਕਿਹਾ ਸੀ ਕਿ ਅਸੀਂ ਜਾਣਦੇ ਹਾਂ ਕਿ ਇਹ ਸੰਵੇਦਨਸ਼ੀਲ ਮਾਮਲਾ ਹੈ ਪਰ ਹੁਣ ਤੱਕ ਸਰਕਾਰ ਵੱਲੋਂ ਕੁਝ ਨਹੀਂ ਕੀਤਾ ਜਾ ਰਿਹਾ ਹੈ। ਅਸੀਂ ਸਰਕਾਰ ਨੂੰ ਮੌਕਾ ਦੇਣਾ ਚਾਹੁੰਦੇ ਹਾਂ।

