ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ
ਪਟਿਆਲਾ (ਰਮਨਦੀਪ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਡਿਵਨਿਟੀ ਕਲੱਬ ਸਕੂਲ ਆਫ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਕ ਅਤੇ ਪੰਜਾਬ ਐਨਰਜ਼ੀ ਡਿਵੈਲਪਮੈਂਟ ਏਜੰਸੀ ਦੇ ਸਹਿਯੋਗ ਨਾਲਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਦੀ ਸਮੱਸਿਆ ਦਿਨੋ-ਦਿਨ ਗੰਭੀਰ ਰੂਪ ਅਖ਼ਤਿਆਰ ਕਰਦੀ ਜਾ ਰਹੀ ਹੈ । ਇਸ ਨੂੰ ਰੋਕਣ ਲਈ ਸਾਡਾ ਇਹ ਫ਼ਰਜ਼ ਬਣਦਾ ਹੈ ਕਿ ਅਸੀਂ ਹਰ ਰੋਜ਼ ਕੁਦਰਤੀ ਸਰੋਤਾਂ, ਜਲਵਾਯੂ ਅਤੇ ਮਿੱਟੀ ਨੂੰ ਗੰਧਲਾ ਨਾ ਕਰਕੇ ਅਤੇ ਸੁਚੱਜੀ ਵਰਤੋਂ ਕਰਕੇ ਵਾਤਾਵਰਣ ਦੀ ਸਾਂਭ ਸੰਭਾਲ ਵਿਚ ਯੋਗਦਾਨ ਪਾਈਏ।
ਕਾਲਜ ਦੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਸਪਨਾ, ਡਾ. ਜਗਤਾਰ ਸਿੰਘ ਅਤੇ ਡਾ. ਰਾਜਬਿੰਦਰ ਸਿੰਘ ਨੇ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਕੁਦਰਤ ਅਤੇ ਹਰਿਆਲੀ ਦੇ ਮਹੱਤਵ ਬਾਰੇ ਜਾਗਰੂਕਤਾ ਫੈਲਾਉਣ ਲਈ ਸੰਯੁਕਤ ਰਾਸ਼ਟਰ ਦੁਆਰਾ ਆਯੋਜਤ ਕੀਤੇ ਜਾਂਦੇ ਸਭ ਤੋਂ ਵੱਡੇ ਸਮਾਗਮਾਂ ਵਿੱਚੋਂ ਇੱਕ ਹੈ। ਜਿਸ ਤਹਿਤ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰਕੇ ਲੋਕਾਂ ਨੂੰ ਵਾਤਾਵਰਣ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ । ਇਸ ਮੌਕੇ ਵਾਤਾਵਰਨ ਦੀ ਸਾਂਭ ਸੰਭਾਲ ਸਬੰਧੀ ਕਾਲਜ ਵਿਦਿਆਰਥੀਆਂ ਦੇ ਭਾਸ਼ਨ, ਅਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿੱਚ ਕਾਲਜ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ । ਇਸ ਮੌਕੇ ਵਾਈਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ ਡੀਨ ਰਿਸਰਚ ਡਾ. ਰਵਿੰਦਰਜੀਤ ਸਿੰਘ ਅਤੇ ਡਿਵਨਿਟੀ ਕਲੱਬ ਦੀ ਕਨਵੀਨਰ ਡਾ. ਮੰਜੂ ਮਿੱਤਲ ਵੀ ਹਾਜ਼ਰ ਸਨ।

