ਪੰਜਾਬਪਟਿਆਲਾ

ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੰਗਤਾਂ ਨੇ ਚਲਾਇਆ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ

ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਦਿੱਤਾ ਮੀਰੀ-ਪੀਰੀ ਦਾ ਵਿਲੱਖਣ ਸਿਧਾਂਤ : ਪ੍ਰੋ. ਬਡੂੰਗਰ

ਪਟਿਆਲਾ 5 ਜੂਨ (ਰਮਨਦੀਪ/ਮਧੂਸਾਰ ਬਿਊਰੋ) ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਗੁਰਦੁਆਰਾ ਬਹਾਦਰਗੜ੍ਹ ਸਾਹਿਬ, ਗੁਰਦੁਆਰਾ ਕਰਹਾਲੀ ਸਾਹਿਬ ਸਮੇਤ ਗੁਰਦੁਆਰਾ ਬਾਬਾ ਅਜਾਪਾਲ ਵਿਖੇ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ। ਪ੍ਰਕਾਸ਼ ਦਿਹਾੜੇ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ। ਇਸ ਮੌਕੇ ਪਾਵਨ ਹੁਕਮਨਾਮਾ ਭਾਈ ਗੁਲਵਿੰਦਰ ਸਿੰਘ ਵੱਲੋਂ ਕੀਤਾ ਗਿਆ ਅਤੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਦੇ ਲੰਗਰ ਵਿਚ ਮਿੱਸੇ ਪ੍ਰਸ਼ਾਦਿਆਂ ਦਾ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ ਮੀਰੀ-ਪੀਰੀ ਦਾ ਸਿਧਾਂਤ ਦਿੱਤਾ ਅਤੇ ਆਪਣੇ ਜੀਵਨ ਵਿਚ ਜ਼ਬਰ ਜ਼ੁਲਮ ਦੇ ਖਿਲਾਫ਼ ਚਾਰ ਜੰਗਾਂ ਜਿੱਤਕੇ ਭਗਤੀ ਅਤੇ ਸ਼ਕਤੀ ਨੂੰ ਅਮਲੀਜਾਮਾ ਪਹਿਨਾਇਆ। ਪ੍ਰੋ. ਬਡੂੰਗਰ ਨੇ ਕਿਹਾ ਕਿ ਧਰਮ ਦੇ ਇਤਿਹਾਸ ਵਿਚ ਮੀਰੀ-ਪੀਰੀ ਦਾ ਸਿਧਾਂਤ ਵਿਲੱਖਣਤਾ ਦਾ ਪ੍ਰਤੀਕ ਹੈ। ਧਾਰਮਕ ਸਮਾਗਮ ਦੌਰਾਨ ਗੁਰੂ ਦੇ ਲੰਗਰਾਂ ਵਿਚ ਮਿੱਸੇ ਪ੍ਰਸ਼ਾਦੇ, ਮੱਖਣ ਅਤੇ ਲੱਸੀ ਦਾ ਲੰਗਰ ਚਲਾਉਣ ਵਾਲੀਆਂ ਸੰਗਤਾਂ ਦਾ ਸਨਮਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਸਤਿੰਦਰ ਸਿੰਘ ਬਾਜਵਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਦੇ ਮੈਂਬਰ ਆਦਿ ਸ਼ਾਮਲ ਸਨ।

Leave a Reply

Your email address will not be published. Required fields are marked *