ਪੰਜਾਬਰੂਪਨਗਰ

ਹਰਭਜਨ ਸਿੰਘ ਈ.ਟੀ.ਓ. ਨੇ ਬੇਲਾ ਤੋਂ ਬਹਿਰਾਮਪੁਰ ਸੜਕ ਨੂੰ ਚੌੜਾ ਕਰਨ ਲਈ ਨੀਂਹ ਪੱਥਰ ਰੱਖਿਆ

ਬੇਲਾ ਤੋਂ ਪਨਿਆਲੀ ਪੁੱਲ਼ ਦਾ ਕੰਮ ਜਲਦ ਹੀ ਕੀਤਾ ਜਾਵੇਗਾ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਮਧੂਸਾਰ ਬਿਊਰੋ) : ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਪਿੰਡ ਬੇਲਾ ਵਿਖੇ ਬੇਲਾ ਤੋਂ ਬਹਿਰਾਮਪੁਰ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਉਤੇ ਪੂਰੀ ਉੱਤਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਨਬਾਰਡ-28 ਸਕੀਮ ਅਧੀਨ ਬੇਲਾ-ਬਹਿਰਾਮਪੁਰ ਸੜਕ (ਓ.ਡੀ.ਆਰ-07) ਨੂੰ ਚੌੜਾ ਕਰਨ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਇਆ ਹੈ ਕਿ ਇਸ ਸੜਕ ਨੂੰ ਚੋੜਾ ਕਰਨ ਦੀ ਮੰਗ ਇਲਾਕਾ ਨਿਵਾਸੀਆਂ ਵਲੋਂ ਕਾਫੀ ਲੰਬੇ ਸਮੇਂ ਤੋਂ ਕੀਤੀ ਜਾਂਦੀ ਰਹੀ ਸੀ ਪਰ ਪਿਛਲੀਆਂ ਸਰਕਾਰਾਂ ਵਲੋਂ ਇਸ ਮੰਗ ਨੂੰ ਅਣਗੌਲਿਆ ਕੀਤਾ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਪਿਛਲੇ 15 ਮਹੀਨਿਆਂ ਵਿੱਚ ਪੂਰਨ ਇਮਾਨਦਾਰੀ ਦੇ ਨਾਲ ਜਿੰਨਾ ਕੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਉਨ੍ਹਾਂ ਕੰਮ ਅੱਜ ਤੱਕ ਕਿਸੇ ਸਰਕਾਰ ਵਲੋਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਸਰਕਾਰ ਵਲੋਂ ਅਣਥੱਕ ਉਪਰਾਲੇ ਲਗਾਤਾਰ ਜਾਰੀ ਹਨ ਅਤੇ ਪੰਜਾਬ ਸਰਕਾਰ ਵਲੋਂ ਇਸ ਦਿਸ਼ਾਂ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਲਾਕਾ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਜ਼ਿਲ੍ਹਾ ਰੂਪਨਗਰ ਅਧੀਨ ਪੈਂਦੀ ਬੇਲਾ-ਬਹਿਰਾਮਪੁਰ ਸੜਕ ਨੂੰ 4.80 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰਨ ਦੀ ਸੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬੇਲਾ ਤੋਂ ਬਹਿਰਾਮਪੁਰ ਰੋਡ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਬਲਾਕ ਅਤੇ ਲੁਧਿਆਣਾ ਜ਼ਿਲ੍ਹੇ ਦੇ ਮਾਛੀਵਾੜਾ ਨੂੰ ਆਪਸ ਵਿਚ ਜੋੜਦੀ ਹੈ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਬੇਲਾ ਤੋਂ ਬਹਿਰਾਮਪੁਰ ਤੱਕ ਇਹ ਸੜਕ 8 ਕਿਲੋਮੀਟਰ ਲੰਬੀ ਹੈ ਇਸ ਦੀ ਮੌਜੂਦਾ ਚੌੜਾਈ 18 ਫੁੱਟ ਚੌੜੀ ਹੈ ਜਿਸਨੂੰ ਵਧਾ ਕੇ 23 ਫੁੱਟ ਚੌੜੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਜਲਦ 6 ਮਹੀਨੇ ਦੇ ਕਰੀਬ ਸਮੇਂ ਵਿਚ ਪੂਰਾ ਕਰ ਲਿਆ ਜਾਵੇਗਾ।

ਉਨ੍ਹਾ ਹੋਰ ਵਾਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੇਲਾ ਤੋਂ ਪਨਿਆਲੀ ਪੁੱਲ਼ ਨੂੰ ਜੰਗਲਾਤ ਵਿਭਾਗ ਅਤੇ ਹੋਰ ਮੰਨਜ਼ੂਰੀਆਂ ਮਿਲਣ ਤੋਂ ਬਾਅਦ ਜਲਦ ਹੀ ਇਹ 100 ਕਰੋੜ ਤੋਂ ਵੱਧ ਦਾ ਵੱਡਾ ਪ੍ਰਾਜੈਕਟ ਅਤੇ ਸਤਲੁਜ ਦਰਿਆ ਉਤੇ 1152 ਮੀਟਰ ਦਾ ਪੁੱਲ਼ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਇੱਕ ਵੱਡੀ ਸਹੂਲਤ ਦਿੰਦਿਆਂ ਬਿਜਲੀ ਦੇ ਬਿੱਲ ਜੀਰੋ ਲਿਆਉਣ ਦੀ ਗਾਰੰਟੀ ਨੂੰ ਬਿਨ੍ਹਾਂ ਲੋਕਾਂ ਨੂੰ ਖੱਜਲ-ਖੁਆਰ ਕੀਤੇ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ 14,311 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕੀਤੀ ਸੀ। ਆਪਣੇ ਹੀ ਰਿਕਾਰਡ ਨੂੰ ਤੋੜਦਿਆਂ 22 ਜੂਨ ਨੂੰ 15, 054 ਮੈਗਾਵਾਟ ਬਿਜਲੀ ਦੀ ਮੰਗ ਪੂਰੀ ਕਰਦਿਆਂ ਇਸ ਵਿਚ ਹੋਰ ਸੁਧਾਰ ਕੀਤਾ।

ਇਸ ਮੌਕੇ ਐਸ ਡੀ ਐਮ ਸ਼੍ਰੀ ਚਮਕੌਰ ਸਾਹਿਬ ਅਮਰੀਕ ਸਿੰਘ, ਚੈਅਰਮੈਨ ਮਾਰਕਿਟ ਕਮੇਟੀ ਸਕਿੰਦਰ ਸਿੰਘ ਸਹੇੜੀ, ਐਕਸੀਅਨ ਲੋਕ ਨਿਰਮਾਣ ਵਿਭਾਗ ਐਸ.ਐਸ. ਭੁੱਲਰ, ਲੋਕ ਨਿਰਮਾਣ ਵਿਭਾਗ ਐਸ.ਈ. ਰਮਤੇਸ਼ ਬੈਂਸ, ਐਨ.ਪੀ ਰਾਣਾ, ਐਸ.ਪੀ ਨਵਨੀਤ ਸਿੰਘ ਮਾਹਲ, ਡੀ.ਐਸ.ਪੀ ਜਰਨੈਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ, ਅਹੁੱਦੇਦਾਰ, ਅਤੇ ਪਾਰਟੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *