ਰੂਪਨਗਰ

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਸਰਕਾਰੀ ਦਫਤਰਾਂ ਦੀ ਅਚਨਚੇਤ ਦੌਰੇ ਕਰਨ ਦੇ ਹੁਕਮ ਦਿੱਤੇ

ਰੂਪਨਗਰ, 07 ਜੁਲਾਈ (ਮਧੂਸਾਰ ਬਿਊਰੋ) : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਆਪਣੇ ਦਫਤਰ ਵਿਖੇ ਸਬ-ਡਵੀਜ਼ਨਲ ਮੈਜੀਸ੍ਰਟੇਟਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਅਚਨਚੇਤ ਦੌਰਾ ਕਰਨ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਸਮੱਸਿਆਵਾਂ ਦਾ ਹੱਲ ਕਰਨ। ਡਾ. ਪ੍ਰੀਤੀ ਯਾਦਵ ਨੇ ਮੀਟਿੰਗ ਦੀ ਅਗਵਾਈ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਐਸ.ਡੀ.ਐਮਜ਼ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀ ਆਪਣੇ ਅਧੀਨ ਆਉਂਦੀਆਂ ਬ੍ਰਾਚਾਂ ਦਾ ਦੌਰਾ ਜ਼ਮੀਨੀ ਪੱਧਰ ਉਤੇ ਜਾ ਕਰਨ ਅਤੇ ਵਿਭਾਗਾਂ ਵਿਚ ਪਏ ਲੰਬਿਤ ਮਾਮਲਿਆਂ ਦੀ ਸਮੀਖਿਆ ਕਰਨ। ਉਨ੍ਹਾਂ ਮੀਟਿੰਗ ਵਿਚ ਹਦਾਇਤ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕਾਂ, ਹਸਪਤਾਲਾਂ, ਐਮਰਜੈਂਸੀ ਵਾਰਡਾਂ, ਸਰਕਾਰੀ ਸਕੂਲਾਂ ਅਤੇ ਓਟ ਕਲੀਨਿਕਾਂ ਸਮੇਤ ਲੋਕਾਂ ਨਾਲ ਸਬੰਧਿਤ ਹਰ ਵਿਭਾਗ ਦੀ ਨਿੱਜੀ ਤੌਰ ਉਤੇ ਚੈਕਿੰਗ ਕਰਨ ਅਤੇ ਆਮ ਲੋਕਾਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਵੀ ਧਿਆਨ ਵਿਚ ਆਇਆ ਹੈ ਕਿ ਕਈ ਸੇਵਾ ਕੇਂਦਰਾਂ ਵਿਚ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ਲਈ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਲਈ ਪ੍ਰਭਾਵਿਤ ਲਾਭਪਾਤਰੀਆਂ ਨਾਲ ਸੰਪਰਕ ਕਰਕੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਵੀ ਸੁਧਾਰ ਯਕੀਨੀ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਮੰਗ ਅਨੁਸਾਰ ਨਵੇਂ ਸੇਵਾ ਕੇਂਦਰ ਸਥਾਪਿਤ ਕਰਨ ਲਈ 15 ਦਿਨਾਂ ਦੌਰਾਨ ਤਜਵੀਜ਼ ਪੇਸ਼ ਕੀਤੀ ਜਾਵੇ ਤਾਂ ਜੋ ਪਿੰਡਾਂ ਦੇ ਨਜ਼ਦੀਕ ਹੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਚੱਲ ਰਹੇ ਸੇਵਾ ਕੇਂਦਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਲੋੜ ਜਿਵੇਂ ਕਿ ਆਮ ਲੋਕਾਂ ਦੇ ਬੈਠਣ ਲਈ ਥਾਂ, ਨਵਾਂ ਸ਼ੈੱਡ ਜਾਂ ਕਿਸੇ ਹੋਰ ਬੁਨਿਆਦੀ ਢਾਂਚੇ ਦੀ ਲੋੜ ਹੈ ਤਾਂ ਉਸ ਸਬੰਧੀ ਵੇਰਵੇ ਲੈ ਕੇ ਜਲਦ ਤਜਵੀਜ਼ ਪੇਸ਼ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਸੁਖਾਵੇਂ ਵਾਤਾਵਰਣ ਵਿਚ ਮੁਹੱਈਆ ਕੀਤੀਆਂ ਜਾ ਸਕਣ। ਹੜ੍ਹਾਂ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਵਰਖਾ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਹੜ੍ਹਾਂ ਤੋਂ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਤੋਂ ਬੱਚਣ ਲਈ ਪਾਣੀਆਂ ਦੇ ਨਿਕਾਸੀ ਵਾਲੀਆਂ ਥਾਵਾਂ ਨੂੰ ਜੰਗੀ ਪੱਧਰ ਤੇ ਯਕੀਨੀ ਕੀਤਾ ਜਾਵੇ ਅਤੇ ਬਚਾਅ ਕਾਰਜਾਂ ਵਿਚ ਕੰਮ ਆਉਣ ਵਾਲੀ ਮਸ਼ੀਨਰੀ ਦੇ ਪ੍ਰਬੰਧਾ ਨੂੰ ਪੁਖਤਾ ਕੀਤਾ ਜਾਵੇ। ਉਨ੍ਹਾਂ ਸ਼ਹਿਰਾਂ ਵਿਚ ਸਫਾਈ ਦੇ ਪ੍ਰਬੰਧਾਂ ਨੂੰ ਯਕੀਨੀ ਕਰਨ ਲਈ ਚੈਕਿੰਗ ਕਰਨ ਲਈ ਵੀ ਕਿਹਾ। ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ. ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਆਈ.ਏ.ਐਸ. ਸ਼੍ਰੀਮਤੀ ਮਨੀਸ਼ਾ ਰਾਣਾ, ਐਸ.ਡੀ.ਐਮ ਰੂਪਨਗਰ ਸ. ਹਰਬੰਸ ਸਿੰਘ, ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਸ. ਅਮਰੀਕ ਸਿੰਘ ਅਤੇ ਐਸ.ਡੀ.ਐਮ. ਮੋਰਿੰਡਾ ਸ਼੍ਰੀ ਦੀਪਾਂਕਰ ਗਰਗ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ।

Leave a Reply

Your email address will not be published. Required fields are marked *