ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿੱਚ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 81ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ
ਤਲਵੰਡੀ ਸਾਬੋ: 25 ਜੁਲਾਈ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 81ਵੀਂ ਸਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾ: ਦਸਵੀਂ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਣਗੇ।ਇਸ ਸਬੰਧੀ ਦਲ ਦੇ ਸਕੱਤਰ ਸ੍ਰ. ਦਿਲਜੀਤ ਸਿੰਘ ਬੇਦੀ ਅਤੇ ਬਾਬਾ ਜੱਸਾ ਸਿੰਘ ਨੇ ਸਾਝੇ ਤੌਰ ਤੇ ਦੱਸਿਆ ਕਿ 28 ਜੁਲਾਈ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 15 ਸਾਵਣ 30 ਜੁਲਾਈ ਐਤਵਾਰ ਨੂੰ ਪਾਏ ਜਾਣਗੇ।
ਭੋਗ ਉਪਰੰਤ ਸਜੇ ਦਿਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਪੰਥ ਦੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਤੇ ਕਥਾਵਾਚਕ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਣਗੇ। ਉਨਾਂ ਹੋਰ ਦੱਸਿਆ ਕਿ ਉਨ੍ਹਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿੱਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ ,ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਂਣੀਆਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨਗੇ।ਉਨ੍ਹਾਂ ਦਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।ਗੁਰੂ ਦੇ ਜਹਾਜੇ ਚੜ੍ਹਨ ਵਾਲੇ ਪ੍ਰਾਣੀ ਸਮੇਂ ਸਿਰ ਪਹੁੰਚ ਕੇ ਗੁਰੂ ਦੀ ਬਖਸ਼ਿਸ਼ ਖੰਡੇ ਬਾਟੇ ਦੀ ਪਾਹਲ ਪ੍ਰਾਪਤ ਕਰਨ।ਉਨ੍ਹਾਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ। ਤਿੰਨੇ ਦਿਨ ਧਾਰਮਿਕ ਦੀਵਾਨ ਸੱਜਣਗੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।ਨਿਹੰਗ ਸਿੰਘ ਫੌਜਾਂ ਦੇ ਲਾਇਸੈਂਸ ਵੀ ਨਵੇਂ ਬਣਾਏ ਜਾਣਗੇ।

