ਰੂਪਨਗਰ

ਰੂਪਨਗਰ ਜ਼ਿਲ੍ਹੇ ਵਿੱਚ ਅੱਜ ਲਗਾਏ ਜਾਣਗੇ ਵੱਡੇ ਪੱਧਰ ਤੇ ਬੂਟੇ

ਡਿਪਟੀ ਕਮਿਸ਼ਨਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਬੂਟਾ ਲਗਾਕੇ ਕੀਤੀ ਜਾਵੇਗੀ ਇਸ ਮੁਹਿੰਮ ਦੀ ਰਸਮੀ ਤੌਰ ਤੇ ਸ਼ੁਰੂਆਤ

ਮੁਹਿੰਮ ਨੂੰ ਕਾਮਯਾਬ ਕਰਨ ਲਈ ਕੀਤੀ ਗਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੀਟਿੰਗ

ਰੂਪਨਗਰ, 8 ਅਗਸਤ (ਮਧੂਸਾਰ ਬਿਊਰੋ) : ਰੂਪਨਗਰ ਜ਼ਿਲ੍ਹੇ ਵਿੱਚ ਅੱਜ 09 ਅਗਸਤ ਨੂੰ ਵੱਡੇ ਪੱਧਰ ਤੇ ਬੂਟੇ ਲਗਾਉਣ ਦੀ ਮੁਹਿੰਮ ਕੀਤੀ ਜਾਵੇਗੀ ਜਿਸ ਵਿੱਚ ਜ਼ਿਲ੍ਹੇ ਭਰ ਵਿੱਚ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਧਿਕਾਰੀਆਂ ਦੀ ਮੀਟਿੰਗ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ ਵੱਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ ਨੇ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਦੇਸ਼ ਦੀ 75ਵੀਂ ਵਰ੍ਹੇਗੰਢ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਸਮੂਹ ਗ੍ਰਾਮ ਪੰਚਾਇਤਾਂ ਵਿੱਚ 75 ਬੂਟੇ ਪ੍ਰਤੀ ਪੰਚਾਇਤ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਵੀ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਦੇ ਆਦੇਸ਼ਾਂ ਤੇ ਰੂਪਨਗਰ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਲਈ ਅਦਾਰਿਆਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਪੰਚਾਇਤਾਂ ਤੋਂ ਇਲਾਵਾ ਵੱਖ-ਵੱਖ ਸਥਾਨਾਂ ਜਿਵੇਂ ਸਕੂਲ, ਕਾਲਜ, ਖੇਡ ਮੈਦਾਨ ਆਦਿ ਵਿੱਚ ਵੀ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਸਵੇਰੇ 9:00 ਵਜੇ ਬੂਟਾ ਲਗਾਕੇ ਇਸ ਮੁਹਿੰਮ ਦੀ ਰਸਮੀ ਤੌਰ ਤੇ ਸ਼ੁਰੂਆਤ ਕੀਤੀ ਜਾਵੇਗੀ।

ਮੁੱਖ ਮੰਤਰੀ ਫ਼ੀਲਡ ਅਫਸਰ ਸ਼੍ਰੀਮਤੀ ਅਨਮਜੋਤ ਕੌਰ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ, ਪੰਚਾਇਤਾ, ਯੂਥ ਕਲੱਬ ਵੱਲੋਂ ਉਪਲਬਧ ਖਾਲੀ ਥਾਵਾਂ ਤੇ ਇਸ ਮੁਹਿੰਮ ਰਾਹੀਂ ਬੂਟੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਅਤੇ ਆਪਣੇ ਆਲੇ ਦੁਆਲੇ ਨੂੰ ਹਰਿਆ ਭਰਿਆ ਰੱਖਣ ਲਈ ਇਸ ਮੁਹਿੰਮ ਨੂੰ ਵੱਧ ਤੋਂ ਵੱਧ ਸਫ਼ਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ, ਸਕੂਲਾਂ ਅਤੇ ਪੰਚਾਇਤਾਂ ਨੂੰ ਨੇੜੇ ਦੀਆਂ ਨਰਸਰੀਆਂ ਨਾਲ ਸੰਪਰਕ ਕਰਵਾ ਕੇ ਬੂਟੇ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਨਹਿਰੂ ਯੁਵਾ ਕੇਂਦਰ ਤੋਂ ਕੋਆਰਡੀਨੇਟਰ ਪੰਕਜ ਯਾਦਵ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਪੰਚਾਇਤ ਅਫ਼ਸਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *