ਸ਼ੋ੍ਰਮਣੀ ਅਕਾਲੀ ਦਲ ਵੱਲੋਂ ਦੇਵੀਗੜ੍ਹ ਘੱਗਰ ਦੇ ਕੰਢੇ ’ਤੇ ਦਿੱਤਾ ਜਾ ਰਿਹਾ ਧਰਨਾ ਹੋਵੇਗਾ ਇਤਿਹਾਸਕ : ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਪਟਿਆਲਾ 21 ਅਗਸਤ (ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਅੱਜ 22 ਅਗਸਤ ਨੂੰ ਦੇਵੀਗੜ੍ਹ ਘੱਗਰ ਦੇ ਕੰਢੇ ’ਤੇ ਦਿੱਤਾ ਜਾ ਰਿਹਾ ਧਰਨਾ ਇਤਿਹਾਸਕ ਹੋਵੇਗਾ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਦ ਜੁਝਾਰੂ ਆਗੂ ਅਤੇ ਵਰਕਰ ਸਾਹਿਬਾਨ ਤੋਂ ਇਲਾਵਾ ਇਲਾਕੇ ਦੀ ਜਨਤਾ ਧਰਨਾ ਦੇ ਕੇ ਸੁੱਤੀ ਸਰਕਾਰ ਨੂੰ ਜਗਾਉਣ ਦਾ ਕੰਮ ਕਰੇਗੀ ਤਾਂ ਕਿ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਈ ਜਾ ਸਕੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੜ੍ਹਾਂ ਕਾਰਨ ਹਾਹਾਕਾਰ ਮਚੀ ਪਈ ਹੈ ਅਤੇ ਏਸ ਭਿਆਨਕ ਤਬਾਹੀ ਨੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ, ਸਨੌਰ, ਰਾਜਪੁਰਾ, ਸਮਾਣਾ ਅਤੇ ਸ਼ਤਰਾਣਾ ਦੇ ਸੈਂਕੜੇ ਪਿੰਡਾਂ ਦੀਆਂ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁਦਰਤ ਦੇ ਇਸ ਕਹਿਰ ਨੇ ਜਿਥੇ ਫਸਲਾਂ ਤਬਾਹ ਕਰਕੇ ਰੱਖ ਦਿੱਤੀਆਂ,ਉਥੇ ਹੀ ਪਸ਼ੂਆਂ, ਘਰਾਂ, ਸਕੂਲਾਂ ਅਤੇ ਹਸਪਤਾਲਾਂ ਦਾ ਵੀ ਵੱਡਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਹੜ੍ਹਾਂ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਨ ਲਈ ਕੋਈ ਵੀ ਕਰਮਚਾਰੀ ਜਾਂ ਸਰਕਾਰੀ ਨੁਮਾਇੰਦਾ ਨਹੀਂ ਪਹੁੰਚਿਆ, ਜਿਸ ਕਰਕੇ ਆਪ ਸਰਕਾਰ ਦੀ ਨਲਾਇਕੀ ਕਾਰਨ ਸਮੇਂ ਸਿਰ ਗਿਰਦਾਵਰੀ ਨਾ ਕਰਵਾਏ ਜਾਣ ਕਰਕੇ ਲੋਕਾਂ ਨੂੰ ਮੁਆਵਜ਼ੇ ਦੀ ਰਕਮ ਵੀ ਨਸੀਬ ਨਹੀਂ ਹੋਈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਨਾ ਹੀ ਸਰਕਾਰ ਵੱਲੋਂ ਅੱਜ ਤੱਕ ਡਿੱਗੇ ਹੋਏ ਘਰਾਂ ਅਤੇ ਮਰੇ ਹੋਏ ਪਸ਼ੂਆਂ ਦੀ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਆਪ ਸਰਕਾਰ ਦੀ ਮਨਸ਼ਾ ਸਾਫ ਜ਼ਾਹਰ ਹੁੰਦੀ ਹੈ। ਇਸ ਕਰਕੇ ਮੁਸੀਬਤ ਦੀ ਘੜੀ ਵਿਚ ਸਰਕਾਰ ਲੋਕਾਂ ਦੀ ਬਾਂਹ ਫੜਨ ਨੂੰ ਤਿਆਰ ਨਹੀਂ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਵੰਡੇ ਜਾਣ ਵਾਲੇ ਚੈਕ ਮਹਿਜ ਇਕ ਡਰਾਮਾ ਹੀ ਸਨ। ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ ਲੋਕਾਂ ਨੂੰ ਮੁੱਖ ਮੰਤਰੀ ਵੱਲੋਂ ਬੋਲੇ ਜਾਣ ਅਜਿਹੇ ਝੂਠ ਸ਼ੋਭਾ ਨਹੀਂ ਦਿੰਦੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਚੈਕ ਵੰਡੇ ਜਾਣ ਦਾ ਦਾਅਵਾ ਕਰਦੀ ਹੈ ਤਾਂ ਪਟਿਆਲਾ ਜ਼ਿਲ੍ਹੇ ਦੇ ਹੋਏ ਫਸਲਾਂ, ਘਰਾਂ ਪਸ਼ੂਆਂ ਆਦਿ ਦੀ ਸੁਚੀ ਜਾਰੀ ਕਰੇ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੇ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਦੌਰਿਆਂ ਨੇ ਹੜ੍ਹ ਪੀੜਤਾਂ ਦੇ ਮਨਾਂ ਵਿਚ ਰੋਸ ਪੈਦਾ ਕੀਤਾ ਹੋਇਾਂਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਪ ਸਰਕਾਰ ਦੀਆਂ ਇਸ ਡਰਾਮੇਬਾਜ਼ੀ ਦੀ ਪੋਲ੍ਹ ਸ਼ੋ੍ਰਮਣੀ ਅਕਾਲੀ ਦਲ ਸੜਕਾਂ ’ਤੇ ਆ ਕੇ ਖੋਲ੍ਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਛਡੂ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਜਗਜੀਤ ਸਿੰਘ ਕੋਹਲੀ ਸਿਆਸੀ ਸਕੱਤਰ, ਜਸਵਿੰਦਰਪਾਲ ਸਿੰਘ ਚੱਢਾ, ਸੁਖਵਿੰਦਰਪਾਲ ਸਿੰਘ ਮਿੰਟਾ, ਭੁਪਿੰਦਰ ਸਿੰਘ ਸ਼ੇਖੂਪੁਰਾ, ਕੈਪਟਨ ਖੁਸ਼ਵੰਤ ਸਿੰਘ ਆਦਿ ਹਾਜ਼ਰ ਸਨ।

