ਵਰਲਡ ਯੂਨੀਵਰਸਿਟੀ ਦੇ 16ਵਾਂ ਸਥਾਪਨਾ ਦਿਹਾੜੇ ਮੌਕੇ ਧਾਰਮਿਕ ਸਮਾਗਮ ਆਯੋਜਿਤ
ਫ਼ਤਿਹਗੜ੍ਹ ਸਾਹਿਬ (ਰਮਨਦੀਪ/ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵੱਲੋਂ ਆਪਣੇ 16ਵੇਂ ਸਥਾਪਨਾ ਦਿਹਾੜੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਮਗਰੋਂ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਨੇ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵਾਈਸ–ਚਾਂਸਲਰ, ਡਾ. ਪਰਿਤਪਾਲ ਸਿੰਘ ਨੇ ਸਾਰੇ ਫ਼ੈਕਲਟੀ ਤੇ ਸਟਾਫ਼ ਮੈਂਬਰਾਂ ਨੂੰ ਯੂਨੀਵਰਸਿਟੀ ਦੇ ਸਥਾਪਨਾ ਦਿਹਾੜੇ ਦੀ ਵਧਾਈ ਦਿੱਤੀ। ਡਾ. ਸਿੰਘ ਨੇ 2022-23 ਵਰ੍ਹੇ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਦੱਸਿਆ ਕਿ ਵਿਦਿਆਰਥੀਆਂ ਅਤੇ ਸਟਾਫ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਮੱਲਾਂ ਮਾਰੀਆਂ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਜਿੱਥੇ ਵਿੱਦਿਅਕ ਪ੍ਰਾਪਤੀਆਂ ਦਰਜ ਕੀਤੀਆਂ ਗਈਆਂ ਹਨ, ਉੱਥੇ ਹੀ ਖੇਡ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਯੂਨੀਵਰਸਿਟੀ ਦਾ ਨਾਮ ਵੀ ਰੌਸ਼ਨ ਕੀਤਾ ਹੈ। ਵਾਇਸ ਚਾਂਸਲਰ ਨੇ ਯੂਨੀਵਰਸਿਟੀ ਦੇਅਹੁਦੇਦਾਰਾਂ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ਼ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹਨਾ ਨੂੰ ਮਾਣ ਹੈ ਕਿ ਯੂਨੀਵਰਸਿਟੀ ਨੇ ਥੋੜੇ ਹੀ ਸਮੇਂ ਵਿੱਚ ਅਕਾਦਮਿਕ ਅਤੇ ਸਹਿ-ਅਕਾਦਮਿਕ ਖੇਤਰ ਵਿਚ ਆਪਣੀ ਖਾਸ ਜਗ੍ਹਾ ਬਣਾਈ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਅਧਿਆਪਕਾਂ ਨੇ ਪੂਰੀ ਤਨਦੇਹੀ ਨਾਲ ਵਿਦਿਆਰਥੀਆਂ ਦੇ ਸਿੱਖਿਆ ਦਾ ਮਿਆਰ ਬਰਕਰਾਰ ਰੱਖਿਆ ਹੈ, ਜਿਸ ਸਦਕਾ ਇਸ ਸਾਲ ਯੂਨੀਵਰਸਿਟੀ ਵਿੱਚ ਦਾਖਲਿਆਂ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ। ਉਹਨਾਂ ਯੂਨੀਵਰਸਿਟੀ ਦੀ ‘ਕਦਰਾਂ-ਕੀਮਤਾਂ’ ਅਧਾਰਿਤ ਗਿਆਨਵਾਨ ਸਮਾਜ ਦੀ ਸਿਰਜਣ ਦੀ ਪ੍ਰਤੀਬੱਧਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਮੂਹ ਫੈਕਲਟੀ ਅਤੇ ਸਟਾਫ਼ ਮੈਂਬਰ ਇਸ ਮਹੱਤਵਪੂਰਣ ਕਾਰਜ ਲਈ ਲਗਾਤਾਰ ਯਤਨਸ਼ੀਲ ਹਨ।
ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨਾਲ ਜੋੜਦੇ ਹੋਏ ਡਾ. ਸਿਕੰਦਰ ਸਿੰਘ, ਡੀਨ, ਵਿਦਿਆਰਥੀ ਭਲਾਈ ਨੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਸਾਂਝਾ ਕੀਤਾ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਸਥਾਪਨਾ ਦਿਹਾੜੇ ਮੌਕੇ ਪਹੁੰਚੇ ਪਤਵੰਤੇ ਸੱਜਣਾਂ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਯੂਨੀਵਰਸਿਟੀ ਨਾ ਸਿਰਫ ਸਿੱਖਿਆ ਦੇ ਪੱਧਰ ਵਿਚ ਸਰਵਉੱਚ ਹੋਵੇਗੀ, ਬਲਕਿ ਨਵੀਂ ਪੀੜ੍ਹੀ ਨੂੰ ਸਿੱਖੀ ਸਿੱਧਾਂਤ ਵਿਚ ਪਰਪੱਕ ਕਰਨ ਵਿਚ ਸਫਲਤਾ ਹਾਸਿਲ ਕਰੇਗੀ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜਰ ਸਨ। ਸਟੇਜ ਸੰਚਾਲਨ ਦਾ ਕਾਰਜ ਡਾ. ਪਲਵਿੰਦਰ ਕੌਰ, ਸਹਾਇਕ ਪ੍ਰੋਫੈਸਰ, ਧਰਮ ਅਧਿਐਨ ਵਿਭਾਗ ਦੁਆਰਾ ਬਾਖੂਬੀ ਨਿਭਾਇਆ ਗਿਆ।

