ਪਟਿਆਲਾ

ਬਿਜਲੀ ਕਾਮਿਆਂ ਵੱਲੋਂ ਪਾਵਰ ਮੈਨੇਜਮੈਂਟ ਪਾਸੋਂ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੰਘਰਸ਼ ਦਾ ਐਲਾਨ

ਪਟਿਆਲਾ : (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਵੱਲੋਂ ਪਾਵਰ ਮੈਨੇਜਮੈਂਟ ਪਾਸੋਂ ਬਿਜਲੀ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ (ਸੁਰਿੰਦਰ ਸਿੰਘ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਇੰਪਲਾਈਜ਼ ਫੈਡਰੇਸ਼ਨ (ਫਲਜੀਤ ਸਿੰਘ), ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ (ਇੰਟਕ) ਥਰਮਲਜ਼ ਇੰਪਲਾਈਜ਼ ਕੁਆਰਡੀਨੇਸ਼ਨ ਕਮੇਟੀ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਸਬ ਸਟੇਸ਼ਨ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਾਥੀ ਰਤਨ ਸਿੰਘ ਮਜਾਰੀ ਦੀ ਪ੍ਰਧਾਨਗੀ ਹੇਠ ਹੋਈ। ਜੁਆਇੰਟ ਫੋਰਮ ਦੀ ਮੀਟਿੰਗ ਵਿੱਚ ਕੀਤਾ ਗਿਆ। ਜਿਸ ਅਨੁਸਾਰ ਮਿਤੀ 14 ਸਤੰਬਰ ਨੁੰ ਪੰਜਾਬ ਦੇ ਸਮੁੱਚੇ ਉਪ ਮੰਡਲ / ਮੰਡਲ ਦਫਤਰਾਂ ਅੱਗੇ ਪੰਜਾਬ ਸਰਕਾਰ ਵੱਲੋਂ ਲਾਗੂ ਮਜਦੂਰਾਂ, ਮੁਲਾਜਮਾਂ ਵਿਰੋਧੀ ਐਸਮਾਂ ਕਾਨੂੰਨ ਦੀਆਂ ਕਾਪੀਆਂ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਪ੍ਰਗਟ ਕੀਤਾ ਜਾਵੇਗਾ। 19 ਸਤੰਬਰ ਤੋਂ 13 ਅਕਤੂਬਰ ਤੱਕ ਪੰਜਾਬ ਦੇ ਸਮੁੱਚੇ ਸਰਕਲਾਂ ਅੱਗੇ ਪਾਵਰ ਮੈਨੇਜਮੈਂਟ ਦੇ ਮੁਲਾਜਮ ਵਿਰੋਧੀ ਰਵੱਈਏ ਵਿਰੁੱਧ ਧਰਨੇ ਦਿੱਤੇ ਜਾਣਗੇ। 17 ਅਕਤੂਬਰ ਤੋਂ 27 ਅਕਤੂਬਰ ਤੱਕ ਜੋਨਲ ਕਨਵੈਨਸ਼ਨਾਂ ਅਤੇ 8 ਨਵੰਬਰ ਨੂੰ ਹੈਡ ਆਫਿਸ ਪਟਿਆਲਾ ਅੱਗੇ ਸੂਬਾਈ ਧਰਨਾ ਦੇਣ ਉਪਰੰਤ ਨਵੰਬਰ ਦੇ ਆਖਰੀ ਹਫਤੇ ਸੂਬਾ ਪੱਧਰ ਤੇ ਇੱਕ ਰੋਜਾ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਇਨ੍ਹਾਂ ਜਥੇਬੰਦੀਆਂ ਦੇ ਸੂਬਾਈ ਆਗੂਆਂ ਸਰਬ ਸਾਥੀ ਕਰਮਚੰਦ ਭਾਰਦਵਾਜ, ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਰਵੇਲ ਸਿੰਘ ਸਹਾਏਪੁਰ, ਕੌਰ ਸਿੰਘ ਸੋਹੀ, ਹਰਪਾਲ ਸਿੰਘ, ਜਗਰੂਪ ਸਿੰਘ ਮਹਿਮਦਪੁਰ, ਜਗਜੀਤ ਸਿੰਘ ਕੋਟਲੀ, ਅਵਤਾਰ ਸਿੰਘ ਕੈਂਥ, ਸਿਕੰਦਰ ਨਾਥ, ਸੁਖਵਿੰਦਰ ਸਿੰਘ ਚਾਹਲ, ਕੁਲਵਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਮੋਦਲਾ ਨੇ ਦੱਸਿਆ ਕਿ ਬਿਜਲੀ ਮੰਤਰੀ ਪੰਜਾਬ ਪਾਵਰ ਮੈਨੇਜਮੈਂਟ ਅਤੇ ਜੁਆਇੰਟ ਫੋਰਮ ਦੇ ਨੁਮਾਇੰਦਿਆ ਨਾਲ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦੇ ਨਿਪਟਾਰੇ ਲਈ ਲਗਾਤਾਰ ਟਾਲਮਟੋਲ ਕਰ ਰਹੀ ਹੈ। ਜਿਸ ਕਾਰਨ ਮੁਲਾਜਮਾਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪੈ ਰਿਹਾ ਹੈ। ਮੁਲਾਜਮਾਂ ਮੰਗਾਂ ਜਿਵੇਂ ਪੇ ਕਮਿਸ਼ਨ ਦੀਆਂ ਸਿਫਾਰਸ਼ਾ ਅਨੁਸਾਰ ਸਕੇਲਾਂ ਵਿੱਚ ਸੋਧ, ਅਨਾਮਲੀਜ ਦੂਰ ਕਰਨ, ਭੱਤਿਆਂ ਵਿੱਚ ਯੋਗ ਵਾਧਾ, ਮੁਲਾਜਮਾਂ ਦੀਆਂ ਤਰੱਕੀਆਂ, ਸੀ.ਆਰ.ਏ. 295/19 ਅਧੀਨ ਭਰਤੀ ਸਹਾਇਕ ਲਾਈਨਮੈਨਾਂ ਨਾਲ ਵਧੀਕੀਆਂ ਬੰਦ ਕਰਨ, ਪਰਖ ਕਾਲ ਪੂਰਾ ਕਰ ਚੁੱਕੇ ਮੁਲਾਜਮਾਂ ਨੂੰ ਪੂਰਾ ਤਨਖਾਹ ਸਕੇਲ ਦੇਣਾ, ਧੱਕੇ ਨਾਲ ਅਣਉਚਿਤ ਡਿਊਟੀਆਂ ਲੈਣਾ ਬੰਦ ਕਰਨ, ਵੱਖ—ਵੱਖ ਸੀ.ਆਰ.ਏ. ਤਹਿਤ ਭਰਤੀ ਮੁਲਾਜਮਾਂ ਦੀਆਂ ਸੀਨੀਆਰਤਾ ਸੂਚੀਆਂ ਬਣਾਉਣਾ, ਓ.ਸੀ. ਤੇ ਹੋਰ ਬਰਾਬਰ ਕੈਟਾਗਰੀਆਂ ਨੂੰ ਪੇ ਬੈਂਡ ਦੇਣ, ਗਰਿਡ ਸਬ ਸਟੇਸ਼ਨਾਂ ਤੇ ਮੁਲਾਜਮਾਂ ਦੀ ਸੁਰੱਖਿਆ ਅਤੇ 50 ਨੁਕਾਤੀ ਮੰਗ ਪੱਤਰ ਅਨੁਸਾਰ ਮੰਗਾਂ ਮੰਨਣ ਤੋਂ ਇਨਕਾਰੀ ਹੈ। ਜਿਸ ਕਾਰਨ ਬਿਜਲੀ ਕਾਮਿਆਂ ਵਿੱਚ ਸਖਤ ਰੋਸ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਬ ਸਾਥੀ ਸਰਬਜੀਤ ਸਿੰਘ ਭਾਣਾ, ਜਰਨੈਲ ਸਿੰਘ ਔਲਖ, ਲਖਵਿੰਦਰ ਸਿੰਘ, ਰਘਬੀਰ ਸਿੰਘ, ਲਖਵੰਤ ਸਿੰਘ ਦਿਓਲ, ਆਦਿ ਸਾਥੀ ਹਾਜਰ ਸਨ। ਮੀਟਿੰਗ ਵਿੱਚ ਇੱਕ ਮਤੇ ਰਾਹੀਂ ਹੈਡ ਆਫਿਸ ਪਟਿਆਲਾ ਵਿਖੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੇ ਬੇਰੋਜਗਾਰ ਲਾਈਨਮੈਨਾਂ ਤੇ ਬਿਨਾਂ ਕਾਰਨ ਅਣਮਨੁੱਖੀ ਲਾਠੀਚਾਰਜ ਕਰਕੇ ਹੱਕੀ ਸੰਘਰਸ਼ ਨੂੰ ਕੁਚਲਣ ਦੀ ਸਖਤ ਨਿੰਦਾ ਕਰਦਿਆਂ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਅਤੇ ਪਾਵਰ ਮੈਨੇਜਮੈਂਟ ਪਾਸੋਂ ਮੰਗ ਕੀਤੀ ਗਈ ਕਿ ਬੇਰੋਜਗਾਰ ਲਾਈਨਮੈਨਾਂ ਦੇ ਹੱਕੀ ਮਸਲੇ ਨੂੰ ਸੰਜੀਦਗੀ ਨਾਲ ਵਿਚਾਰ ਕੇ ਹੱਲ ਕੀਤਾ ਜਾਵੇ।

Leave a Reply

Your email address will not be published. Required fields are marked *