ਪੰਜਾਬ

ਸਮੇਂ ਦੀ ਸਰਕਾਰ ਵੱਲੋਂ ਘਿਨੌਣੀ ਕਾਰਵਾਈ ਦੇ ਜ਼ਖਮ ਅਜੇ ਵੀ ਸਿੱਖ ਕੌਮ ਦੇ ਸੀਨੇ ਵਿੱਚ ਅੱਲ੍ਹੇ ਹਨ : ਗਿਆਨੀ ਗੁਰਬਚਨ ਸਿੰਘ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ 6 ਜੂਨ (ਮਧੂਸਾਰ ਬਿਊਰੋ)
ਜੂਨ 1984 ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਹੋਰ ਇਤਿਹਾਸਕ ਅਸਥਾਨਾਂ ਤੇ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੀ ਫੌਜ ਕੋਲੋਂ ਹਮਲਾ ਕਰਵਾ ਕੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਤੇ ਹਜ਼ਾਰਾਂ ਬੇਦੋਸ਼ੇ ਸਿੰਘ-ਸਿੰਘਣੀਆਂ ਤੇ ਬੱਚਿਆਂ ਨੂੰ ਸ਼ਹੀਦ ਕਰ ਦਿੱਤਾ।

ਭਾਰਤੀ ਫੌਜ ਵੱਲੋਂ ਕੀਤੀ ਇਸ ਅਣ-ਮਨੁੱਖੀ ਤੇ ਜ਼ਾਲਮਾਨਾ ਕਾਰਵਾਈ ਦਾ ਡੱਟ ਕੇ ਵਿਰੋਧ ਕਰਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰ੍ਹਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਦੀ ਅਗਵਾਈ ‘ਚ ਸੈਂਕੜੇ ਸਿੰਘ ਸ਼ਹੀਦ ਹੋ ਗਏ।ਸ਼ਹੀਦ ਹੋਏ ਉਨ੍ਹਾਂ ਸਿੰਘਾਂ ਦੀ 32ਵੀਂ ਸਾਲਾਨਾ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ। ਇਸ ਸਮੇਂ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮੁਖ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗ੍ਰੰਥੀ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ ਤੇ ਗਿਆਨੀ ਗੁਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਮੌਜੂਦ ਸਨ।
ਇਸ ਮੌਕੇ ਜੁੜੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਦੇਸ਼ ਦਿੰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਜੂਨ 1984 ਦੇ ਘੱਲੂਘਾਰੇ ਸਮੇਂ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਨੂੰ ਕਾਇਮ ਰੱਖਣ ਲਈ ਸ਼ਹੀਦ ਹੋਏ ਸਮੂੰਹ ਸਿੰਘਾਂ/ਸਿੰਘਣੀਆਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਅੱਜ ਖ਼ਾਲਸਾ ਪੰਥ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਿਹਾ ਹੈ ਜਿਨ੍ਹਾਂ ਨੇ ਜੂਨ 1984 ਵਿੱਚ ਕਾਂਗਰਸ ਦੀ ਹਕੂਮਤ ਵੱਲੋਂ ਸਾਡੇ ਪਾਵਨ ਅਸਥਾਨਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਸਮੇਂ ਜੂਝਦਿਆਂ ਹੋਇਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ।ਉਨ੍ਹਾਂ ਕਿਹਾ ਕਿ ਅੱਜ 32 ਸਾਲ ਬੀਤ ਜਾਣ ਤੋਂ ਬਾਅਦ ਵੀ ਸਾਨੂੰ ਜੂਨ 1984 ਦਾ ਸਾਕਾ ਕੱਲ੍ਹ ਵਾਂਗ ਹੀ ਲੱਗ ਰਿਹਾ ਹੈ।ਜਦ ਸਮੁੱਚੀ ਦੁਨੀਆਂ ਨੂੰ ਪਿਆਰ ਸ਼ਾਂਤੀ ਅਤੇ ਏਕਤਾ ਦਾ ਸੁਨੇਹਾ ਦੇਣ ਵਾਲੇ ਮਹਾਨ ਪਵਿੱਤਰ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰਕਰਮਾਂ ਭਾਰਤੀ ਫੌਜ ਦੇ ਟੈਂਕਾਂ ਦੇ ਗੋਲਿਆਂ ਨੇ ਸ਼ਰਧਾਲੂ ਸਿੱਖਾਂ ਦੇ ਖੂਨ ਨਾਲ ਲਥਪੱਥ ਕਰ ਦਿੱਤੀਆਂ ਸਨ।ਸਿੱਖ ਕੌਮ ਦੇ ਸੀਨੇ ਵਿਚ ਲੱਗੇ ਇਹ ਜਖ਼ਮ ਅਜੇ ਵੀ ਅੱਲੇ ਹਨ।ਸਮੇਂ ਦੀ ਕਾਂਗਰਸ ਸਰਕਾਰ ਆਪਣੀ ਕੀਤੀ ਇਸ ਅਤਿ ਘਿਨੌਣੀ ਕਾਰਵਾਈ ਨੂੰ ਭੁੱਲ ਜਾਣ ਲਈ ਦੁਹਾਈ ਦਿੰਦੀ ਹੈ ਪਰ ਇਹ ਉਨ੍ਹਾਂ ਕੌਮਾਂ ਨੂੰ ਪਤਾ ਹੁੰਦਾ ਹੈ ਜਿਨ੍ਹਾਂ ਦੇ ਸਿਰ ਤੋਂ ਇਹ ਹੋਣੀ ਲੰਘੀ ਹੁੰਦੀ ਹੈ। ਉਨ੍ਹਾਂ ਕਿਹਾ ਸਾਨੂੰ ਮਾਣ ਹੈ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਸਾਜੀ ਇਸ ਮਹਾਨ ਕੌਮ ‘ਤੇ, ਜਿਨ੍ਹਾਂ ਹਮੇਸ਼ਾਂ ਹੀ ਆਪਣੇ ਮਹਾਨ ਸ਼ਹੀਦਾਂ, ਸੂਰਬੀਰਾਂ, ਯੋਧਿਆਂ ਨੂੰ ਕਦੇ ਨਹੀਂ ਵਿਸਾਰਿਆ।

Leave a Reply

Your email address will not be published. Required fields are marked *