ਪੰਜਾਬ ‘ਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਕੋਈ ਨਹੀਂ ਬਚਾ ਸਕਦਾ : ਗੁਲਜ਼ਾਰ ਸਿੰਘ ਰਣੀਕੇ
ਪਟਿਆਲਾ ਸੀਟ ‘ਤੇ ਕਾਂਗਰਸ ਦਾ ਭਰਮ ਭੁਲੇਖਾ 2017 ‘ਚ ਦੂਰ ਕਰਾਂਗੇ : ਸੁਰਜੀਤ ਸਿੰਘ ਰੱਖੜਾ
ਪੰਜਾਬ ਦੇ ਲੋਕ 2017 ‘ਚ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ : ਚਰਨਜੀਤ ਬਰਾੜ
ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੀਆਂ ਭਲਾਈ ਸਕੀਮਾਂ ‘ਤੇ 1060 ਕਰੋੜ ਰੁਪਏ ਖਰਚ ਕੀਤੇ ਜਾਣਗੇ
ਪਟਿਆਲਾ, 16 ਜੂਨ (ਕੰਵਰ ਬੇਦੀ)
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਗਰੀਬ ਅਤੇ ਪੱਛੜੇ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਲੋਕਾਂ ਦੀਆਂ ਭਲਾਈ ਸਕੀਮਾਂ ‘ਤੇ 1060 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਹ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ ਤੇ ਐਸ.ਸੀ. ਤੇ ਬੀ.ਸੀ. ਵਰਗ ਦੀ ਭਲਾਈ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਸ਼੍ਰੋ੍ਰਮਣੀ ਅਕਾਲੀ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਐਸ.ਸੀ. ਵਿੰਗ ਦੇ ਵੱਡੀ ਗਿਣਤੀ ‘ਚ ਪੁੱਜੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਕਮਲਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਥਾਪ ਕੇ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਭੁੱਕਿਆ ਹੈ, ਜਿਸ ਨਾਲ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਵੀ ਬੇਨਕਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਕਮਲਨਾਥ ਦਾ ਪੁਰਜ਼ੋਰ ਵਿਰੋਧ ਹੁੰਦਾ ਵੇਖ ਕੇ ਭਾਵੇਂ ਫੈਸਲਾ ਵਾਪਸ ਲੈ ਲਿਆ, ਪ੍ਰੰਤੂ ਪੰਜਾਬ ਵਿਚ ਕਾਂਗਰਸ ਦੀ ਡੁੱਬਦੀ ਬੇੜੀ ਨੂੰ ਹੁਣ ਕੋਈ ਬਚਾ ਨਹੀਂ ਸਕਦਾ।
ਸ: ਰਣੀਕੇ ਨੇ ਦੱਸਿਆ ਕਿ ਆਪ ਪਾਰਟੀ ਨੂੰ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੀ ਕੋਈ ਸਮਝ ਨਹੀਂ ਹੈ ਤੇ ਉਹ ਸਿਰਫ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਹਾਸਲ ਕਰਨ ਲਈ ਪੰਜਾਬੀਆਂ ਦੇ ਹਿੱਤਾਂ ਨਾਲ ਖਿਲਵਾੜ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਜਦ ਕਿ ਦਿੱਲੀ ਵਿੱਚ ਉਸ ਦਾ ਚਿਹਰਾ ਬੇਨਕਾਬ ਹੋਇਆ ਹੈ ।
ਉਹਨਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਹੁਣ ਤੱਕ ਦੇ ਆਪਣੇ ਕਾਰਜਕਾਲ ਦੌਰਾਨ ਸ਼ਗਨ ਸਕੀਮ ਤਹਿਤ ਆਰਥਿਕ ਤੌਰ ‘ਤੇ ਪਛੜੇ ਵਰਗ ਅਤੇ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਸ਼ਗਨ ਸਕੀਮ ਤਹਿਤ 4 ਲੱਖ 92 ਹਜ਼ਾਰ 887 ਲਾਭਪਾਤਰੀਆਂ ਨੂੰ ਕਰੀਬ 740 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਉਹਨਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਪਹਿਲੀ ਤੋਂ ਦਸਵੀਂ ਜਮਾਤ ਤੱਕ ਪੜ੍ਹਨ ਵਾਲੇ ਕਰੀਬ 1 ਕਰੋੜ 33 ਲੱਖ ਵਿਦਿਆਰਥੀਆਂ ਨੂੰ 163 ਕਰੋੜ 29 ਲੱਖ ਰੁਪਏ ਦੀਆਂ ਕਿਤਾਬਾਂ ਤੇ ਕਾਪੀਆਂ ਮੁਫ਼ਤ ਮੁਹੱਈਆ ਕਰਵਾਈਆਂ ਹਨ। ਸ: ਰਣੀਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਕਾਸ ਤੇ ਭਲਾਈ ਸਕੀਮਾਂ ਦੇ ਨਾਲ-ਨਾਲ ਦੇਸ਼ ਦੀ ਆਜਾਦੀ ਲਈ ਜਾਨਾਂ ਵਾਰਨ ਵਾਲੇ ਦੇਸ਼ ਭਗਤਾਂ ਅਤੇ ਸਿੱਖ ਪੰਥ ਦੇ ਮਹਾਨ ਸੂਰਬੀਰਾਂ ਦੀਆਂ ਇਤਿਹਾਸਕ ਯਾਦਗਾਰ ਉਸਾਰੀਆਂ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਮਹਾਨ ਯੋਧਿਆਂ ਦੇ ਜੀਵਨ ਤੋਂ ਪ੍ਰੇਰਨਾ ਲੈ ਸਕਣ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪਟਿਆਲਾ ਸੀਟ ‘ਤੇ 2017 ਵਿਚ ਹੋਣ ਜਾ ਰਿਹਾ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ, ਜਿਸ ਨਾਲ ਕਾਂਗਰਸ ਨੂੰ ਪਏ ਹੋਏ ਭਰਮ ਭੁਲੇਖੇ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਕਾਂਗਰਸ ਦੀਆਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਵਾਸੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਆਧਾਰ ‘ਤੇ ਫੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ‘ਚ ਕੀਤੇ ਜਾ ਰਹੇ ਬਹੁਪੱਖੀ ਵਿਕਾਸ ਦੇ ਕੰਮਾਂ ਨੂੰ ਵੇਖਦੇ ਹੋਏ ਲੋਕ 2017 ਵਿਚ ਤੀਜੀ ਵਾਰ ਸ਼੍ਰੋਮਣੀ ਅਕਾਲੀ ਦਲ ਗੱਠਜੋੜ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ‘ਚ ਸ਼ਾਮਲ ਕਮਲਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਲਗਾ ਕੇ ਸਿੱਧ ਕਰ ਦਿੱਤਾ ਹੈ ਕਿ ਕਾਂਗਰਸ ਲੰਮੇ ਸਮੇਂ ਤੋਂ ਸਿੱਖਾਂ ਨਾਲ ਧਰੋਹ ਕਮਾਉਂਦੀ ਆ ਰਹੀ, ਜਿਸ ਕਾਰਨ ਅੱਜ ਕਾਂਗਰਸ ਦਾ ਦੇਸ਼ ਭਰ ਵਿਚੋਂ ਸਫਾਇਆ ਹੋਇਆ ਹੈ।
ਇਸ ਉਪਰੰਤ ਜ਼ਿਲ੍ਹਾ ਪਟਿਆਲਾ ਦੇ ਕੋਆਰਡੀਨੇਟਰ ਅਤੇ ਉਪ ਮੁੱਖ ਮੰਤਰੀ ਦੇ ਓ ਐਸ ਡੀ ਚਰਨਜੀਤ ਸਿੰਘ ਨੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਲੋਕ 2017 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ ਅਤੇ ਕਾਂਗਰਸ ਜਿਹੜੇ ਮਰਜ਼ੀ ਪੈਂਤੜੇ ਵਰਤ ਲਵੇ, ਪ੍ਰੰਤੂ ਇਸ ਵਾਰ ਪੰਜਾਬ ਦੇ ਲੋਕ ਕਾਂਗਰਸ ਨੂੰ ਇਕ ਵਾਰ ਫਿਰ ਮੂੰਹ ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਭਲੀ ਭਾਂਤ ਜਾਣੂੰ ਹਨ ਕਿਉਂਕਿ ਸਰਕਾਰ ਨੇ ਹਰ ਵਰਗ ਦਾ ਵਿਕਾਸ ਰਾਜ ਨਹੀਂ ਸੇਵਾ ਤਹਿਤ ਕੀਤਾ। ਇਸ ਮੌਕੇ ਚੇਅਰਮੈਨ ਜਸਪਾਲ ਸਿੰਘ ਕਲਿਆਣ, ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਣਧੀਰ ਸਿੰਘ ਰੱਖੜਾ, ਇੰਚਾਰਜ ਮੱਖਣ ਸਿੰਘ ਲਾਲਕਾ, ਸੁਰਜੀਤ ਸਿੰਘ ਅਬਲੋਵਾਲ, ਲਖਵੀਰ ਸਿੰਘ ਲੋਟ, ਬੀਬੀ ਵਨਿੰਦਰ ਕੌਰ ਲੂੰਬਾ, ਐਸ.ਸੀ. ਵਿੰਗ ਮਾਲਵਾ ਜ਼ੋਨ-2 ਦੇ ਪ੍ਰਧਾਨ ਦਰਸ਼ਨ ਸਿੰਘ ਸ਼ਿਵਜੋਤ, ਨਰਦੇਵ ਸਿੰਘ ਆਕੜੀ, ਗੁਰਮੀਤ ਸਿੰਘ, ਗੁਰਚਰਨ ਸਿੰਘ ਖਾਲਸਾ, ਹੈਪੀ ਲੋਹਟ, ਰਾਜੀਵ ਅਟਵਾਲ, ਰਵੀ ਕੁਮਾਰ ਤੋਂ ਇਨਾਵਾ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

