ਆਪ’ ਦੀ ਸੁਰੱਖਿਆ ਹੇਠ ਕੰਮ ਕਰ ਰਹੇ ਮਾਫੀਆ: ਚੁੱਘ
ਵਿਰੋਧੀ ਨੇਤਾਵਾਂ ਦੇ ਫੋਨ ਟੈਪ ਕੀਤੇ ਜਾ ਰਹੇ ਹਨ
ਮੰਤਰੀ ਨੂੰ ਬਰਖਾਸਤ ਕਰਨ, ਮਾਫੀਆ ਦੀ ਕਾਰਵਾਈ ਦੀ ਨਿਆਂਇਕ ਜਾਂਚ ਦੀ ਮੰਗ
ਚੰਡੀਗੜ੍ਹ, 18 ਅਕਤੂਬਰ (ਮਧੂਸਾਰ ਬਿਊਰੋ) ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ’ਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਅੱਜ ਮੰਗ ਕੀਤੀ ਕਿ ਸਬੰਧਤ ਮੰਤਰੀ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਸਮੁੱਚੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ, ਜੋ ਕਿ ਬਦਲਾਅ ਦੇ ਨਾਂ ‘ਤੇ ਸੱਤਾ ‘ਚ ਆਈ ਹੈ, ਸੂਬੇ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਕਿਉਂਕਿ ਸਾਰੇ ਮਾਫੀਆ ਪਿਛਲੇ ਸਮੇਂ ਦੀ ਤਰ੍ਹਾਂ ਹੀ ਕੰਮ ਕਰਦੇ ਆ ਰਹੇ ਹਨ।
ਚੁੱਘ ਨੇ ਇਨ੍ਹਾਂ ਰਿਪੋਰਟਾਂ ਦਾ ਸਖ਼ਤ ਨੋਟਿਸ ਲਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ‘ਆਪ’ ਵਿਧਾਇਕ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਸਰਪ੍ਰਸਤੀ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਲੋੜ ਹੈ। ਚੁੱਘ ਨੇ ਕਿਹਾ, ”ਡਰੱਗ ਮਾਫੀਆ, ਟਰਾਂਸਪੋਰਟ ਮਾਫੀਆ, ਮਾਈਨਿੰਗ ਮਾਫੀਆ ਸਾਰੇ ‘ਆਪ’ ਨੇਤਾਵਾਂ ਦੀ ਸੁਰੱਖਿਆ ‘ਚ ਮਿਲ ਕੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ‘ਆਪ’ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਨੇਤਾਵਾਂ ਦੇ ਫੋਨ ਟੈਪ ਕਰਨ ਦੀਆਂ ਰਿਪੋਰਟਾਂ ਦਾ ਵੀ ਅਪਵਾਦ ਲਿਆ ਅਤੇ ਮੰਗ ਕੀਤੀ ਕਿ ਅਜਿਹੇ ਅਨੈਤਿਕ ਅਮਲਾਂ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ।

