ਪਟਿਆਲਾ

18 ਜਥੇਬੰਦੀਆਂ ਦੇ ਸੱਦੇ ਤੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਿਆ।

ਪਟਿਆਲਾ: (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਅੱਜ ਇੱਥੇ ਪਸਿਆਣਾ ਪੁੱਲ ਨੇੜੇ ਗਰੀਨ ਪਾਰਕ ਕਲੋਨੀ ਵਿਖੇ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫ਼ੂਕਿਆ। ਜਥੇਬੰਦੀਆਂ ਵੱਲੋਂ ਪਹਿਲਾਂ ਰੈਲੀ ਕੀਤੀ ਗਈ ਜਿਸ ਨੂੰ ਗੁਰਦੇਵ ਸਿੰਘ ਗਜੂਮਾਜਰਾ, ਰਣਜੀਤ ਸਿੰਘ ਸਵਾਜਪੁਰ, ਕਰਨੈਲ ਸਿੰਘ ਲੰਗ, ਜਰਨੈਲ ਸਿੰਘ ਕਾਲੇਕੇ, ਯਾਦਵਿੰਦਰ ਸਿੰਘ ਬੁਰਰ, ਸਤਵੰਤ ਸਿੰਘ ਵਜੀਦਪੁਰ, ਬਲਕਾਰ ਸਿੰਘ ਤਰੋੜਾ ਖੁਰਦ,ਵਿਕਰਮਜੀਤ ਸਿੰਘ ਅਰਨੋਂ, ਕੁਲਦੀਪ ਸਿੰਘ ਬਰਾਸ,ਸ਼ਿਵ ਰਤਨ ,ਭਗਵੰਤ ਸਿੰਘ ਸਮਾਣਾ, ਚਮਕੌਰ ਸਿੰਘ ਘਨੁੜਕੀ, ਸੂਬੇਦਾਰ ਜੋਗਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ ਅਤੇ ਨਵਰੰਗ ਮੰਚ ਵੱਲੋ ਨਾਟਕ ਖੇਡਿਆ ਗਿਆ। ਆਗੂਆਂ ਨੇ ਬੋਲਦਿਆਂ ਮੰਗ ਕੀਤੀ ਕਿ ਸਾਰੀਆਂ ਫਸਲਾਂ ਦੀ ਖਰੀਦ ਤੇ ਐਮ. ਐਸ. ਪੀ. ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਸਾਰੀਆਂ ਫਸਲਾਂ ਦਾ ਰੇਟ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ C2+50% ਦੇ ਫਾਰਮੂਲੇ ਨਾਲ ਦਿੱਤਾ ਜਾਵੇ। ਮਨਰੇਗਾ ਤਹਿਤ ਮਜਦੂਰਾਂ ਨੂੰ ਹਰ ਸਾਲ 200 ਦਿਨ ਰੁਜਗਾਰ ਦਿਤਾ ਜਾਵੇ। ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿਚ ਹੈਰੋਇਨ ਸਮੈਕ ਵਰਗੇ ਨਸ਼ਿਆਂ ਤੇ ਸ਼ਖਤੀ ਨਾਲ ਰੋਕ ਲਗਾਈ ਜਾਵੇ ਅਤੇ ਨਸ਼ੇ ਚ ਫਸੇ ਨੌਜਵਾਨਾਂ ਦਾ ਮੁਫ਼ਤ ਇਲਾਜ਼ ਕਰ ਰੁਜਗਾਰ ਮੁਹਈਆ ਕਰਕੇ ਸਮਾਜ ‘ਚ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ ।

ਕੇਂਦਰ ਸਰਕਾਰ ਉੱਤਰ ਭਾਰਤ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਹੜ੍ਹ ਦੇ ਕਾਰਨਾਂ ਦੀ ਪੜਤਾਲ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾ ਕੇ ਗੈਰਕੁਦਤਰੀ ਕਾਰਕਾਂ ਜਿਵੇਂ ਨਿਕਾਸੀ ਰਸਤਿਆਂ ਵਿੱਚ ਇਮਾਰਤੀ ਉਸਾਰੀਆਂ ਦਾ ਹੋਣਾ ਦਰਿਆਵਾਂ ਦੇ ਕੁਦਰਤੀ ਵਹਾਅ ਨਾਲ ਛੇੜਛਾੜ ਆਦਿ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਬਣਦੀ ਕਰਵਾਈ ਕੀਤੀ ਜਾਵੇ। ਘੱਗਰ ਪਲਾਨ ਮੁਤਾਬਿਕ ਹਰਿਆਣਾ ਤੇ ਪੰਜਾਬ ਦੇ ਦਰਿਆਵਾਂ ਕਾਰਨ ਹਰ ਸਾਲ ਹੋਣ ਵਾਲੇ ਨੁਕਸਾਨ ਦਾ ਪੱਕਾ ਹੱਲ ਕੀਤਾ ਜਾਵੇ। ਹੜ੍ਹ ਕਾਰਨ ਨੁਕਸਾਨੀ ਫਸਲ ਦਾ ਪ੍ਰਤੀ ਏਕੜ 50 ਹਜ਼ਾਰ, ਜਾਨੀ ਨੁਕਸਾਨ ਦਾ 10 ਲੱਖ, ਮਰੇ ਪਸ਼ੂ ਦਾ 1 ਲੱਖ ਰੁਪਏ, ਕਿਸਾਨਾਂ ਮਜਦੂਰਾਂ ਦੇ ਢਹਿ ਗਏ ਘਰਾਂ ਦਾ 5 ਲੱਖ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇ। ਹੜ੍ਹ ਦੇ ਪਾਣੀ ਦੇ ਵਹਾਅ ਚ ਵਹਿ ਗਏ ਖੇਤਾ ਨੂੰ ਮੁੜ ਖੇਤੀ ਲਾਇਕ ਬਣਾਉਣ ਲਈ ਵਿਸ਼ੇਸ਼ ਪੈਕੇਜ਼ ਦਿੱਤਾ ਜਾਵੇ, ਜਿੰਨਾ ਕਿਸਾਨਾਂ ਦੇ ਖੇਤਾਂ ਵਿਚ ਰੇਤ ਭਰ ਗਈ ਹੈ ਓਹਨਾ ਨੂੰ ਮਾਈਨਿੰਗ ਪੋਲਿਸੀ ਵਿੱਚ ਛੋਟ ਦੇ ਕੇ ਖੇਤ ਖਾਲੀ ਕਰਨ ਦਾ ਅਧਿਕਾਰ ਦਿੱਤਾ ਜਾਵੇ, ਨੁਕਸਾਨੇ ਬੋਰਵੈਲ ਦਾ ਮੁਆਵਜਾ ਦਿੱਤਾ ਜਾਵੇ। ਕਿਸਾਨਾ ਅਤੇ ਮਜਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ । ਦਿੱਲੀ ਮੋਰਚੇ ਦੌਰਾਨ ਪਾਏ ਸਭ ਪੁਲਿਸ ਕੇਸ ਰੱਦ ਕੀਤੇ ਜਾਣ, ਲਾਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਉਪਰ ਬਣਦੀ ਕਾਰਵਾਈ ਕਰਕੇ ਜੇਲ੍ਹ ਚ ਬੰਦ ਕੀਤਾ ਜਾਵੇ । ਕਿਸਾਨ ਅੰਦੋਲਨਾ ਦੌਰਾਨ ਸ਼ਹੀਦ ਹੋਏ ਕਿਸਾਨ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜਾ ਅਤੇ ਹਰੇਕ ਪਰਿਵਾਰ ਵਿੱਚ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ । ਭਾਰਤਮਾਲਾ ਯੋਜਨਾ ਵਿੱਚ ਕਿਸਾਨਾਂ ਨੂੰ ਜ਼ਮੀਨਾਂ ਦਾ ਰੇਟ ਮਾਰਕੀਟ ਰੇਟ ਨਾਲੋ ਛੇ ਗੁਣਾਂ ਦਿਤਾ ਜਾਵੇ ਅਤੇ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਹਰ ਕਿਸਮ ਦੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ।

Leave a Reply

Your email address will not be published. Required fields are marked *