ਚੰਡੀਗੜ੍ਹਦੇਸ਼-ਵਿਦੇਸ਼ਪੰਜਾਬ

ਸੁਪਰੀਮ ਕੋਰਟ ਸਖ਼ਤ, ਕਿਹਾ- ਪਰਾਲੀ ਸਾੜਨ ਵਾਲਿਆਂ ਨੂੰ ਨਾ ਦਿੱਤੀ ਜਾਵੇ MSP

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਨਾਲ ਲੱਗਦੇ ਕੁਝ ਹੋਰ ਸੂਬਿਆਂ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਹੋਵੇਗਾ। ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ਵਿਚ ਪ੍ਰਦੂਸ਼ਣ ਦੇ ਪੱਧਰ ਨੂੰ ਘੱਟ ਕਰਨ ਦੀ ਲੋੜ ਹੈ। ਸਾਨੂੰ ਅਜਿਹਾ ਕਰਨ ਦਾ ਹੱਲ ਲੱਭਣਾ ਪਵੇਗਾ।

ਜਸਟਿਸ ਸੰਜੇ ਕਿਸ਼ਨ ਕੌਲ, ਜਸਟਿਸ ਸੁਧਾਂਸ਼ੂ ਧੂਲੀਆ ਅਤੇ ਜਸਟਿਸ ਅਹਿਸਾਨੁਦੀਨ ਅਮਾਨਉੱਲ੍ਹਾ ਦੀ ਬੈਂਚ ਨੇ ਦਿੱਲੀ-ਐੱਨ. ਸੀ.ਆਰ. ’ਚ ਹਵਾ ਦੇ ਖ਼ਤਰਨਾਕ ਪ੍ਰਦੂਸ਼ਣ ਨਾਲ ਜੁੜੇ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਨਾਲ ਸਬੰਧਤ ਕਈ ਰਿਪੋਰਟਾਂ ਅਤੇ ਕਮੇਟੀਆਂ ਹਨ ਪਰ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਹੋ ਰਿਹਾ। ਸੁਪਰੀਮ ਕੋਰਟ ਨਤੀਜੇ ਵੇਖਣਾ ਚਾਹੁੰਦੀ ਹੈ। ਅਸੀਂ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਮਰਨ ਨਹੀਂ ਦੇ ਸਕਦੇ। ਮਾਮਲੇ ਦੀ ਅਗਲੀ ਸੁਣਵਾਈ 21 ਨਵੰਬਰ ਨੂੰ ਹੋਵੇਗੀ।
ਬੈਂਚ ਨੇ ਜ਼ੋਰ ਦੇ ਕੇ ਕਿਹਾ ਕਿ ਖੇਤਾਂ ‘ਚ ਪਰਾਲੀ ਸਾੜਨ ਨੂੰ ਰੋਕਿਆ ਜਾਵੇ। ਪੰਜਾਬ ‘ਚ ਚੌਲਾਂ ਨੂੰ ਮੁੱਖ ਫਸਲ ਵਜੋਂ ਬਦਲਣ ਲਈ ਉਪਾਅ ਕੀਤੇ ਜਾਣ। ਚੌਲਾਂ ਦੀ ਥਾਂ ਹੋਰ ਫ਼ਸਲਾਂ ਬੀਜਣ ਦੇ ਬਦਲਾਂ ਦੀ ਖੋਜ ਕਰਨੀ ਚਾਹੀਦੀ ਹੈ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਕੌਲ ਨੇ ਰਾਜਧਾਨੀ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਸਾਰੀ ਰਾਤ ਪਏ ਮੀਂਹ ਨੂੰ ਨੋਟ ਕਰਦੇ ਹੋਏ ਕਿਹਾ ਕਿ ਪਰਮਾਤਮਾ ਨੇ ਲੋਕਾਂ ਦੀਆਂ ਪ੍ਰਾਰਥਨਾਵਾਂ ਸੁਣੀਆਂ ਅਤੇ ਦਖਲ ਦਿੱਤਾ।
ਬੈਂਚ ਨੇ ਅਟਾਰਨੀ ਜਨਰਲ ਆਰ. ਵੈਂਕਟਾਰਮਨੀ ਅਤੇ ਵੱਖ-ਵੱਖ ਸੂਬਾ ਸਰਕਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਵਕੀਲਾਂ ਨੂੰ ਕਿਹਾ ਕਿ ਸਰਕਾਰੀ ਅਧਿਕਾਰੀ ਮੀਟਿੰਗਾਂ ਕਰ ਰਹੇ ਹਨ ਪਰ ਰਾਜਧਾਨੀ ‘ਚ ਹਵਾ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਕੁਝ ਨਹੀਂ ਕੀਤਾ ਜਾ ਰਿਹਾ। ਬੈਂਚ ਨੇ ਇਹ ਵੀ ਸੁਝਾਅ ਦਿੱਤਾ ਕਿ ਜੋ ਕੋਈ ਪਰਾਲੀ ਨੂੰ ਅੱਗ ਲਾਉਣ ਵਿਚ ਸ਼ਾਮਲ ਹੈ ਤਾਂ ਉਸ ਨੂੰ ਅਗਲੇ ਸਾਲ ਘੱਟੋ-ਘੱਟ ਸਮਰਥਨ ਮੁੱਲ ਭਾਵ ਐੱਮ. ਐੱਸ. ਪੀ. ਨਹੀਂ ਮਿਲਣੀ ਚਾਹੀਦੀ।
ਬੈਂਚ ਨੇ ਹੈਰਾਨੀ ਪ੍ਰਗਟ ਕੀਤੀ ਕਿ ਅਦਾਲਤਾਂ ਦੇ ਦਖਲ ਦੇਣ ’ਤੇ ਹੀ ਮਾਮਲਾ ਅੱਗੇ ਕਿਉਂ ਵਧਦਾ ਹੈ? ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਸਾਰੀ ਰਾਤ ਪਏ ਮੀਂਹ ਬਾਰੇ ਅਦਾਲਤ ਨੇ ਕਿਹਾ ਕਿ ਲੋਕਾਂ ਨੂੰ ਸਿਰਫ਼ ਪ੍ਰਾਰਥਨਾ ਕਰਨੀ ਪੈਂਦੀ ਹੈ। ਕਦੇ ਹਵਾ ਆਉਂਦੀ ਹੈ ਤੇ ਮਦਦ ਕਰਦੀ ਹੈ । ਕਦੇ ਮੀਂਹ ਵੀ ਪੈ ਜਾਂਦਾ ਹੈ। ਅਦਾਲਤ ਨੇ ਕਿਹਾ ਕਿ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਕੇਸ ਦਰਜ ਕਰਨਾ ਕੋਈ ਹੱਲ ਨਹੀਂ ਹੈ।

Leave a Reply

Your email address will not be published. Required fields are marked *