ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਪ੍ਰਕਾਸ਼ ਦਿਹਾੜੇ ਮੌਕੇ ਹੋਵੇਗੀ ਦੀਪਮਾਲਾ ਅਤੇ ਕੀਤੀ ਜਾਵੇਗੀ ਆਤਿਸ਼ਬਾਜੀ
ਪਟਿਆਲਾ 25 ਨਵੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਵਿਖੇ ਸਮੁੱਚੀ ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ ਵੱਲੋਂ ਕੀਤੀ ਅਰਦਾਸ ਅਤੇ ਭਾਈ ਗੁਲਵਿੰਦਰ ਸਿੰਘ ਵੱਲੋਂ ਮੁੱਖਵਾਕ ਲੈਣ ਉਪਰੰਤ ਕੀਤੀ ਗਈ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਵਿਰਕ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਨਵੰਬਰ ਨੂੰ ਦੀਵਾਨ ਹਾਲ ਵਿਖੇ 10.30 ਵਜੇ ਪਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਹਜੂਰੀ ਕੀਰਤਨੀ ਜੱਥਿਆਂ ਵੱਲੋਂ ਜਿਥੇ ਗੁਰਬਾਣੀ ਕੀਰਤਨ ਦਾ ਪ੍ਰਵਾਹ ਚਲਾਇਆ ਜਾਵੇਗਾ, ਉਥੇ ਹੀ ਗੁਰਦੁਆਰਾ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਤੋਂ ਇਲਾਵਾ ਸੰਗਤਾਂ ਆਤਿਸਬਾਜ਼ੀ ਵੀ ਕਰਨਗੀਆਂ ਅਤੇ ਗੁਰਦੁਆਰਾ ਸਾਹਿਬ ਵਿਖੇ ਅਤੁੱਟ ਲੰਗਰ ਵੀ ਚਲਾਏ ਜਾਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਇੰਦਰਜੀਤ ਸਿੰਘ ਗਿੱਲ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਕਰਮ ਸਿੰਘ, ਗੁਰਤੇਜ ਸਿੰਘ, ਮਨਦੀਪ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸੰਗਤ ਆਦਿ ਸ਼ਾਮਲ ਸਨ।

