ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸੁਰੂ ਕੀਤੀ ਕੇਂਦਰ ਸਰਕਾਰ ਵਿਰੁੱਧ ਲਾਮਬੰਦੀ
ਕਿਸਾਨਾਂ, ਮਜਦੂਰਾਂ ਦੀਆਂ ਮੰਗਾਂ ਮਨਵਾਉਣ ਲਈ 2 ਅਤੇ 6 ਜਨਵਰੀ ਨੂੰ ਕੀਤੇ ਜਾਣਗੇ ਵੱਡੇ ਇਕੱਠ: ਆਗੂ
ਪਟਿਆਲਾ, 15 ਦਸੰਬਰ (ਅਮਰੀਕਇੰਦਰ ਸਿੰਘ/ਮਧੂਸਾਰ ਬਿਊਰੋ) – ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜਿਲ੍ਹਾ ਪਟਿਆਲਾ ਦੀ ਮੀਟਿੰਗ ਮਾਲੋਮਜਰਾ ਦੇ ਗੁਰੂਦਵਾਰਾ ਸਾਹਿਬ ਵਿਖੇ ਹੋਈ ਤੇ ਕੇਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਰਣਜੀਤ ਸਿੰਘ ਸਵਾਜਪੁਰ ਨੇ ਬੋਲਦਿਆਂ ਕਿਹਾ ਕਿ ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੇ ਫੋਰਮ ਅਤੇ ਐੱਸ ਕੇ ਐੱਮ (ਗੈਰ ਰਾਜਨੀਤਿਕ) ਵੱਲੋ ਸਾਂਝੇ ਤੌਰ ਤੇ ਭਾਰਤ ਪੱਧਰੀ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਤੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਨੂੰ ਮੰਗਵਾਉਣ ਅਤੇ ਦਿੱਲੀ ਘੋਲ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵੱਡੇ ਸੰਘਰਸ਼ ਦੀ ਤਿਆਰੀ ਵਜੋਂ 2 ਜਨਵਰੀ ਨੂੰ ਮਾਝੇ ਦੇ ਅੰਮ੍ਰਿਤਸਰ ਜਿਲ੍ਹੇ ਦੇ ਜੰਡਿਆਲਾ ਗੁਰੁ ਅਤੇ 6 ਜਨਵਰੀ ਨੂੰ ਮਾਲਵੇ ਅੰਦਰ ਬਰਨਾਲਾ ਵਿੱਖੇ ਵੱਡੇ ਇਕੱਠ ਕੀਤੇ ਜਾਣਗੇ।
ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਕੇਂਦਰ ਸਰਕਾਰ ਸਾਰੀਆਂ ਫਸਲਾਂ ਲਈ ਐੱਮ ਐੱਸ ਪੀ ਕਾਨੂੰਨ ਬਣਾ ਕੇ ਫ਼ਸਲਾਂ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਦਿੱਤਾ ਜਾਵੇ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਸੰਪੂਰਨ ਕਰਜ਼ਾ ਮੁਕਤੀ ਕੀਤੀ ਜਾਵੇ,ਕਿਸਾਨਾਂ ਲਈ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਦਿੱਲੀ ਅੰਦੋਲਨ ਦੀਆਂ ਅਧੂਰੀਆਂ ਰਹਿਦੀਆਂ ਮੰਗਾਂ ਜਿਵੇਂ ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ ਕੀਤਾ ਜਾਵੇ, ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋ ਬਾਹਰ ਕੀਤਾ ਜਾਵੇ, ਅਸੀਸ ਮਿਸ਼ਰਾ ਦੀ ਜਮਾਨਤ ਰੱਦ ਕੀਤੀ ਜਾਵੇ,ਦਿੱਲੀ ਅੰਦੋਲਨ ਸਮੇਤ ਦੇਸ਼ ਭਰ ਦੇ ਸਾਰੇ ਕਿਸਾਨ ਅੰਦੋਲਨਾਂ ਦੌਰਾਨ ਦਰਜ਼ ਸਾਰੇ ਕੇਸ ਰੱਦ ਕੀਤੇ ਜਾਣ, ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਮਜਦੂਰਾਂ ਦੇ ਪਰਿਵਾਰਾਂ ਨੂੰ ਮੁਆਵਜਾ ਅਤੇ ਨੌਕਰੀਆਂ ਦਿੱਤੀਆਂ ਜਾਣ ਅਤੇ ਦਿੱਲੀ ਘੋਲ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਸਮਾਰਕ ਲਈ ਦਿੱਲੀ ਵਿੱਚ ਜਗ੍ਹਾ ਦਿੱਤੀ ਜਾਵੇ।
ਇਸ ਮੌਕੇ ਸਤਵੰਤ ਸਿੰਘ ਵਜੀਦਪੁਰ, ਇੰਦਰਜੀਤ ਸਿੰਘ ਦਿਆਗੜ, ਸੁਰਿੰਦਰ ਸਿੰਘ ਕਕਰਾਲਾ, ਡਾਕਟਰ ਜਰਨੈਲ ਸਿੰਘ ਕਾਲੇਕੇ ਸੂਬਾ ਪ੍ਰੈੱਸ ਸਕੱਤਰ ਨੇ ਬੋਲਦਿਆਂ ਕਿਹਾ ਕਿ ਬਿਜਲੀ ਸੈਕਟਰ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲੇ ਬਿਜਲੀ ਸੋਧ ਬਿੱਲ ਵਰੇ ਦਿੱਲੀ ਅੰਦੋਲਨ ਦੌਰਾਨ ਸਹਿਮਤੀ ਬਣੀ ਸੀ ਕਿ ਖਪਤਕਾਰ ਵਿਸਵਾਸ਼ ਵਿੱਚ ਲਏ ਬਿਨਾਂ ਲਾਗੂ ਨਹੀਂ ਕੀਤਾ ਜਾਵੇਗਾ ਪਰ ਆਰਡੀਨੈਂਸਾਂ ਰਾਹੀਂ ਇਸ ਨੂੰ ਟੇਢੇ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਇਸ ਨੂੰ ਰੱਦ ਕੀਤਾ ਜਾਵੇ,ਦਿੱਲੀ ਅੰਦੋਲਨ ਨਾਲ ਕੀਤੇ ਵਾਅਦੇ ਅਨੁਸਾਰ ਖੇਤੀਬਾੜੀ ਸੈਕਟਰ ਨੂੰ ਪ੍ਰਦੂਸ਼ਣ ਕਾਨੂੰਨ ਤੋ ਬਾਹਰ ਕੀਤਾ ਜਾਵੇ। ਉਹਨਾਂ ਅੱਗੇ ਕਿਹਾ ਕਿ ਅਗਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਛੇਤੀ ਹੀ ਦਿੱਲੀ ਵੱਲ ਕੂਚ ਕਰਨਗੇ । ਇਸ ਸਮੇਂ ਗੁਰਨਾਮ ਸਿੰਘ ਢੈਂਠਲ, ਯਾਦਵਿੰਦਰ ਸਿੰਘ ਕੂਕਾ,ਜਗਤਾਰ ਸਿੰਘ ਬਰਸਟ, ਬਿਕਰਮਜੀਤ ਸਿੰਘ ਅਰਨੋ, ਇੰਦਰਮੋਹਨ ਸਿੰਘ ਘੁਮਾਣਾ, ਕਾਕਾ ਸਿੰਘ ਜਿੰਦਲਪੁਰ, ਅਜਾਇਬ ਸਿੰਘ ਨਥੁਮਜਰਾ, ਪ੍ਰੀਤਮੋਹਿੰਦਰ ਸਿੰਘ, ਇੰਦਰਜੀਤ ਧਨੇਠਾ,ਬਲਜਿੰਦਰ ਸਿੰਘ ਢੀਂਡਸਾ ਆਦਿ ਮੀਟਿੰਗ ਵਿੱਚ ਹਾਜ਼ਰ ਹੋਏ।

